ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਜੂਨ
ਸਾਂਝੇ ਮਜ਼ਦੂਰ ਮੋਰਚੇ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤ ਮਜ਼ਦੂਰ ਵਿਰੋਧੀ ਕਰਾਰ ਦਿੱਤਾ ਹੈ। ਮੋਰਚੇ ’ਚ ਸ਼ਾਮਲ ਮਜ਼ਦੂਰ ਜਥੇਬੰਦੀਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਪ੍ਰਧਾਨ ਸੰਜੀਵ ਮਿੰਟੂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਨਸਰਾਲੀ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜਾ ਬਜਟ ਪੇਸ਼ ਕੀਤਾ ਹੈ ਉਸ ਵਿਚ ਖੇਤ ਮਜ਼ਦੂਰਾਂ ਦਾ ਜ਼ਿਕਰ ਤੱਕ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਇਸ ਨਵੀਂ ਸਰਕਾਰ ਨੇ ਵੀ ਖੇਤ ਮਜ਼ਦੂਰਾਂ ਨੂੰ ਹਾਸ਼ੀਏ ਉੱਪਰ ਧੱਕਣ ਦਾ ਕਾਰਜ ਹੀ ਨਿਭਾਇਆ ਹੈ।
ਇਹ ਬਜਟ ਖੇਤ ਮਜ਼ਦੂਰ ਵਿਰੋਧੀ ਹੋਣ ਦੇ ਨਾਲ-ਨਾਲ ਵਿਦਿਆਰਥੀਆਂ, ਮੁਲਾਜ਼ਮਾਂ ਤੇ ਛੋਟੇ ਕਾਰੋਬਾਰੀਆਂ ਆਦਿ ਦੇ ਵੀ ਵਿਰੋਧੀ ਹੈ। ਇਹ ਬਜਟ ਵਿਸ਼ਵੀਕਰਨ ਉਦਾਰੀਕਰਨ ਤੇ ਨਿੱਜੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਤਹਿਤ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ। ਆਪ ਨੇ ਗੱਦੀ ਉੱਪਰ ਬੈਠਦਿਆਂ ਸਾਰ ਹੀ ਵਾਅਦਿਆਂ ਨੂੰ ਭੁਲਾ ਦਿੱਤਾ ਹੈ।
ਮੋਰਚੇ ਨੇ ਖੇਤ ਮਜ਼ਦੂਰਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਪਣੀਆਂ ਮੰਗਾਂ ਮਸਲਿਆਂ ਦੇ ਹੱਲ ਲਈ ਏਕਾ ਅਤੇ ਲਾਮਬੰਦੀ ਹੀ ਇੱਕੋ-ਇੱਕ ਹੱਲ ਹੈ।
ਬਜਟ ਕਿਸਾਨਾਂ-ਮਜ਼ਦੂਰਾਂ ਦੀਆਂ ਉਮੀਦਾਂ ’ਤੇ ਖ਼ਰਾ ਨਹੀਂ ਉਤਰਦਾ: ਪੁੰਨਾਵਾਲ
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਕੁਲਹਿੰਦ ਕਿਸਾਨ ਸਭਾ ਪੰਜਾਬ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਮੇਜਰ ਸਿੰਘ ਪੁੰਨਾਵਾਲ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਪਲੇਠੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮੁਆਫ ਕਰਨ ਬਾਰੇ ਪੰਜਾਬ ਸਰਕਾਰ ਦਾ ਬਜਟ ਚੁੱਪ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਫ਼ਸਲੀ ਵਿਭਿੰਨਤਾ ਤੇ ਪਾਣੀ ਦੀ ਬੱਚਤ ਬਾਰੇ ਸਿੱਧੀ ਬਿਜਾਈ ਕਰਨ ਦੀ ਗੱਲ ਕਰਦੇ ਮੂੰਗੀ ਸਣੇ ਮੱਕੀ ਤੇ ਬਾਸਪਤੀ ਦੀ ਵੀ ਐੱਮਐੱਸਪੀ ’ਤੇ ਖ਼ਰੀਦ ਦਾ ਵਿਸ਼ਵਾਸ ਦਿਵਾਇਆ ਸੀ ਪਰ ਬਜਟ ਵਿੱਚ ਮੂੰਗੀ ਦੀ ਖ਼ਰੀਦ ਲਈ 66 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚ ਮੱਕੀ ਤੇ ਬਾਸਮਤੀ ਦੀ ਬਾਰੇ ਕੁੱਝ ਨਹੀਂ ਕਿਹਾ ਗਿਆ।