ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 12 ਅਕਤੂਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਨਾਲ ਮੁੱਖ਼ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਗਈ ਮੀਟਿੰਗ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀਆਂ ਅਰਥੀਆਂ ਸਾੜੀਆਂ ਗਈਆਂ। ਸਾਂਝੇ ਮੋਰਚੇ ਦੇ ਸੱਦੇ ਤਹਿਤ ਪਿੰਡ ਖੇੜੀ ਗਿੱਲਾਂ, ਭਰਾਜ, ਕਾਲਾਝਾੜ,ਖੇੜੀ ਭੀਮਾਂ, ਤਰੋੜਾਂ ਕਲਾਂ, ਮਸਾਣੀ ਅਤੇ ਖੇੜੀ ਮੱਲਾਂ ਵਿੱਚ ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਆਗੂ ਜਰਨੈਲ ਸਿੰਘ ਸਦਰਪੁਰਾ ਅਤੇ ਸਤਿਗੁਰ ਸਿੰਘ ਤਰੌੜਾ ਕਲਾਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ 12 ਸਤੰਬਰ ਨੂੰ ਲਾਏ ਤਿੰਨ ਰੋਜ਼ਾ ਮੋਰਚੇ ਸਮੇਂ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ 3 ਅਕਤੂਬਰ ਦੀ ਮੀਟਿੰਗ ਰੱਖੀ ਸੀ ਜਿਸ ਨੂੰ ਬਦਲਵੀਂ ਤਾਰੀਖ ਦਿੱਤੇ ਬਿਨਾਂ ਹੀ ਰੱਦ ਕਰ ਦਿੱਤਾ ਗਿਆ। ਇਸ ਦੇ ਰੋਸ ਵੱਜੋਂ ਪੰਜਾਬ ਦੇ ਪਿੰਡਾਂ ਵਿੱਚ ਮਾਰਚ ਕਰਕੇ ਮੁੱਖ ਮੰਤਰੀ ਦੀਆਂ ਅਰਥੀਆਂ ਸਾੜੀਆਂ ਗਈਆਂ। ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਜੇ ਮੀਟਿੰਗ ਦੇ ਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿੱਚ ਉਦਘਾਟਨੀ ਸਮਾਗਮ ਮੌਕੇ ਮੁੱਖ ਮੰਤਰੀ ਦੇ ਪਹੁੰਚਣ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਕੌਰ ਖੇੜੀ ਭੀਮਾ, ਚਮਕੌਰ ਸਿੰਘ ਕੁਲਬੁਰਛਾਂ ਨੇ ਵੀ ਸੰਬੋਧਨ ਕੀਤਾ।