ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਮਈ
ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਜ਼ੂਮ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 85ਵੀਂ ਸੰਵਿਧਾਨਕ ਸੋਧ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਉਣ, ਰਾਖਵਾਂਕਰਨ ਨੀਤੀ/ਰੋਸਟਰ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ, ਮੌਜੂਦ ਸਮੇਂ ਹੋ ਰਹੀਆਂ ਤਰੱਕੀਆਂ (ਲੈਕਚਰਾਰ ਅੰਗਰੇਜ਼ੀ, ਅਰਥ ਸ਼ਾਸਤਰ ਅਤੇ ਕਾਮਰਸ) ਵਿੱਚ ਬਣਦਾ ਕੋਟਾ ਦਿਵਾਉਣ, ਅਬਾਦੀ ਦੇ ਅਨੁਸਾਰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਵਿੱਚ ਵਾਧਾ ਕਰਵਾਉਣ, (ਰਾਜਨੀਤਕ ਰਾਖਵਾਂਕਰਨ ਪਹਿਲਾਂ ਹੀ ਅਬਾਦੀ ਅਨੁਸਾਰ ਦਿੱਤਾ ਜਾ ਰਿਹਾ ਹੈ) ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ, ਵੱਖ-ਵੱਖ ਨਿੱਜੀ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਦੇ ਰੋਕੇ ਹੋਏ ਸਰਟੀਫਿਕੇਟ ਜਾਰੀ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪੇ ਕਮਿਸ਼ਨ ਲਾਗੂ ਕਰਵਾਉਣ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਸਮੂਹ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ ਲਈ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨੂੰ ਕੋਝੀ ਸਾਜ਼ਿਸ਼ ਕਰਾਰ ਦਿੱਤਾ। ਜਥੇਬੰਦੀ ਵੱਲੋਂ ਪੰਜਾਬ ਸਰਕਾਰ/ਪ੍ਰਸੋਨਲ ਵਿਭਾਗ ਦੇ ਇਸ ਸਾਜਿਸ਼ੀ ਵਤੀਰੇ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਵਿਰੁੱਧ ਤਹਿਸੀਲ ਪੱਧਰ/ਜ਼ਿਲ੍ਹਾ ਪੱਧਰ ਅਤੇ ਸਟੇਟ ਪੱਧਰ ’ਤੇ ਰੋਸ ਵਜੋਂ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸੰਦਰਭ ਵਿੱਚ 27 ਮਈ ਨੂੰ ਪੂਰੇ ਪੰਜਾਬ ਵਿੱਚ ਤਹਿਸੀਲ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਕ੍ਰਿਸ਼ਨ ਸਿੰਘ ਦੁੱਗਾਂ ਸਕੱਤਰ ਜਨਰਲ, ਪਰਮਿੰਦਰ ਸਿੰਘ ਗੁਰਦਾਸਪੁਰ ਚੀਫ਼ ਆਰਗੇਨਾਈਜ਼ਰ, ਲਛਮਣ ਸਿੰਘ ਨਬੀਪੁਰ ਜਨਰਲ ਸਕੱਤਰ, ਹਰਬੰਸ ਲਾਲ ਪਰਜੀਆਂ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਕਲੇਰ ਅਤੇ ਹੋਰ ਜੁਝਾਰੂ ਸਾਥੀ ਸ਼ਾਮਲ ਹੋਏ।
ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ
ਲਹਿਰਾਗਾਗਾ(ਪੱਤਰ ਪ੍ਰੇਰਕ):ਇਥੇ ਅੱਜ ਲੌਕਡਾਊਨ ਦੇ ਬਾਵਜੂਦ ਨਗਰ ਕੌਂਸਲ ਦਫਤਰ ਅੱਗੇ ਸਫ਼ਾਈ ਕਰਮਚਾਰੀਆਂ ਨੇ ਮਿਊਂਸਪਲ ਮੁਲਾਜ਼ਮ ਐਕਸਨ ਕਮੇਟੀ ਪੰਜਾਬ ਦੇ ਸੱਦੇ ’ਤੇ ਆਪਣੀਆਂ ਮੰਗਾਂ ਦੇ ਸਮਰਥਨ ’ਚ ਅਣਮਿਥੇ ਸਮੇਂ ਦੀ ਹੜਤਾਲ ਦੱਸਵੇਂ ਦਿਨ ਵੀ ਜਾਰੀ ਰੱਖੀ। ਇਸ ਮੌਕੇ ਧਰਨਾਕਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਏਟਕ ਦੇ ਪ੍ਰਧਾਨ ਕਾਮਰੇਡ ਮਹਿੰਦਰ ਬਾਗੀ, ਜਿਲਾ ਰਾਮ, ਅਵਤਾਰ ਸਿੰਘ, ਸੁਰੇਸ਼ ਕੁਮਾਰ, ਨੀਲ ਕਮਲ, ਨਿਰਮਲਾ ਦੇਵੀ, ਰਵਿੰਦਰ ਕੌਰ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਮੰਨੀਆਂ ਜਾਣ ਤੱਕ ਅਣਮਿਥੇ ਸਮੇਂ ਦੀ ਹੜਤਾਲ ਜਾਰੀ ਰਹੇਗੀ ਅਤੇ ਸ਼ਹਿਰ ’ਚ ਗੰਦਗੀ ਕਰਕੇ ਫੈਲਣ ਵਾਲੀਆਂ ਬੀਮਾਰੀਆਂ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੋਵੇਗੀ।