ਪੱਤਰ ਪ੍ਰੇਰਕ
ਭਵਾਨੀਗੜ, 24 ਜੁਲਾਈ
ਇੱਥੋਂ ਦੀ ਪੁਲੀਸ ਵੱਲੋਂ ਐੱਸਐੱਸਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਡੀਐੱਸਪੀ ਭਵਾਨੀਗੜ੍ਹ ਮੋਹਿਤ ਅਗਰਵਾਲ ਅਤੇ ਥਾਣਾ ਭਵਾਨੀਗੜ੍ਹ ਦੇ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡ ਖੇੜੀ ਗਿੱਲਾਂ ਤੇ ਮਾਝੀ ਵਿੱਚ ਅੱਜ ਸਵੇਰੇ ਤਿੰਨ ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀ ਹਿਰਾਸਤ ’ਚ ਲਏ ਗਏ।
ਇੱਥੇ ਇਹ ਦੱਸਣਯੋਗ ਹੈ ਕਿ ਪਿਛਲੇ ਹਫਤੇ ਪਿੰਡ ਮਾਝੀ ਵਿੱਚ ਜਦੋਂ ਪੁਲੀਸ ਪਾਰਟੀ ਇਕ ਤਸਕਰ ਨੂੰ ਫੜਨ ਗਈ ਸੀ ਤਾਂ ਕੁੱਝ ਵਿਅਕਤੀਆਂ ਵੱਲੋਂ ਪੁਲੀਸ ਉੱਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਹਮਲੇ ਵਿੱਚ ਪੁਲੀਸ ਦਾ ਇਕ ਮੁਲਾਜ਼ਮ ਜ਼ਖ਼ਮੀ ਹੋ ਗਿਆ ਸੀ। ਅੱਜ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਦੋਹਾਂ ਪਿੰਡਾਂ ਵਿੱਚ 42 ਘਰਾਂ ਵਿੱਚ ਛਾਪੇ ਮਾਰ ਕੇ ਤਲਾਸ਼ੀ ਲਈ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਛਾਪਿਆਂ ਦੌਰਾਨ ਕੋਈ ਨਸ਼ੀਲੀ ਜਾਂ ਹੋਰ ਇਤਰਾਜ਼ਯੋਗ ਵਸਤੂ ਬਰਾਮਦ ਨਹੀ ਹੋਈ ਪਰ ਸ਼ੱਕ ਦੇ ਆਧਾਰ ’ਤੇ ਇਕ ਔਰਤ ਸਮੇਤ ਤਿੰਨ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਕੌਮੀ ਮਾਰਗ ’ਤੇ ਚੰਨੋ ਨੇੜੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਚੰਨੋ ਚੌਕੀ ਦੀ ਇੰਚਾਰਜ ਸਬ ਇੰਸਪੈਕਟਰ ਕਰਮਜੀਤ ਕੌਰ ਅਤੇ ਘਰਾਚੋਂ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਜਗਤਾਰ ਸਿੰਘ ਵੀ ਮੌਜੂਦ ਸਨ।