ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ, ਕਾਰਨ ਅਤੇ ਹੱਲ ਬਾਰੇ ਸੈਮੀਨਾਰ
ਇੰਟਰਨੈਸ਼ਨਲਿਸਟ ਡੈਮੋਕਰੇਟਿਕ ਪਲੇਟਫਾਰਮ (ਆਈਡੀਪੀ) ਜ਼ਿਲ੍ਹਾ ਕਮੇਟੀ ਵੱਲੋਂ ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ, ਕਾਰਨ ਅਤੇ ਹੱਲ, ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਹੜੱਪਣ ਅਤੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਅੱਗੇ ਪਾਉਣ ਦੇ ਮਾਮਲੇ ’ਤੇ ਸੈਮੀਨਾਰ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਕਰਵਾਇਆ ਗਿਆ। ਸੈਮੀਨਾਰ ਦੇ ਮੁੱਖ ਬੁਲਾਰੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਪੱਤਰਕਾਰ ਹਮੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਹੜ੍ਹਾਂ ਦੇ ਕਾਰਨ ਚਾਰ ਦਹਾਕਿਆਂ ਦੇ ਸਭ ਤੋਂ ਗੰਭੀਰ ਹਾਲਾਤ ’ਚੋਂ ਗੁਜ਼ਰ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਇਸ ਵਿੱਚ ਕੁਦਰਤ ਨਾਲੋਂ ਸਰਕਾਰੀ ਨੀਤੀਆਂ ਅਤੇ ਕਾਰਪੋਰੇਟ ਦੇ ਵਿਕਾਸ ਮਾਡਲ ਦੀਆਂ ਨੀਤੀਆਂ ਵੱਧ ਜ਼ਿੰਮੇਵਾਰ ਹਨ ਕਿਉਂਕਿ ਸਰਕਾਰ ਵੱਲੋਂ ਦਰਿਆਵਾਂ ਵਿੱਚ ਡੈਮਾਂ ਵਿੱਚੋਂ ਨਾ ਤਾਂ ਮੌਨਸੂਨ ਤੋਂ ਪਹਿਲਾਂ ਨਿਯਮ ਅਨੁਸਾਰ ਪਾਣੀ ਛੱਡਿਆ ਤੇ ਨਾ ਹੀ ਦਰਿਆਵਾਂ ਤੇ ਨਾਲਿਆਂ ਦੀ ਕਦੇ ਸਫਾਈ ਕਰਵਾਈ। ਸੈਮੀਨਾਰ ’ਚ ਆਈਡੀਪੀ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ, ਸੂਬਾ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ, ਸੂਬਾ ਖਜਾਨਚੀ ਫਲਜੀਤ ਸਿੰਘ, ਸੂਬਾ ਆਗੂ ਮਨਪ੍ਰੀਤ ਰਾਜਪੁਰਾ ਤੇ ਬਿਕਰਜੀਤ ਸਿੰਘ ਸਾਧੂਵਾਲਾ ਆਦਿ ਹਾਜ਼ਰ ਸਨ।