ਗੁਰੂ ਗ੍ਰੰਥ ਸਾਹਿਬ ਲਈ ਵੱਖਰਾ ਕਾਨੂੰਨ ਬਣਾਇਆ ਜਾਵੇ: ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਬੇਅਦਬੀ ਮਾਮਲੇ ਵਿੱਚ ਗੁਰੂ ਗ੍ਰੰਥ ਸਾਹਿਬ ਲਈ ਇੱਕ ਵੱਖਰਾ ਕਾਨੂੰਨ ਬਣਾਇਆ ਜਾਵੇ, ਕਿਉਂਕਿ ਇਹ ਸਿੱਖਾਂ ਲਈ ਧਾਰਮਿਕ ਗ੍ਰੰਥ ਨਹੀਂ ਹੈ, ਇਹ ਸਿੱਖਾਂ ਲਈ ਵਿਅਕਤੀਗਤ ਤੌਰ ’ਤੇ ਇੱਕ ਗੁਰੂ ਹਨ। ਹਰ ਇਕ ਸਿੱਖ ਉਨ੍ਹਾਂ ਨੂੰ ਆਪਣਾ ਰਹਿਬਰ, ਸਤਿਗੁਰੂ ਮੰਨਦਾ ਹੈ। ਇਸ ਲਈ ਇਸ ਨੂੰ ਸਿਰਫ਼ ਧਾਰਮਿਕ ਗ੍ਰੰਥ ਦੇ ਨਜ਼ਰੀਏ ਤੋਂ ਨਹੀਂ ਦੇਖਿਆ ਜਾਣਾ ਚਾਹੀਦਾ। ਗੁਰੂ ਦਾ ਨਿਰਾਦਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਗਿਆਨੀ ਹਰਪ੍ਰੀਤ ਸਿੰਘ ਅੱਜ ਸਥਾਨਕ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਯਾਦ ਵਿੱਚ ਬਣਾਏ ਗਏ ਸਟੇਡੀਅਮ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਵਾਰ-ਵਾਰ ਧਮਕੀਆ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਸ਼ੁਭਮ ਦੂਬੇ ਖ਼ਿਲਾਫ਼ ਐੱਨਐੱਸਏ ਤਹਿਤ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਉਸ ਨੂੰ ਪੰਜਾਬ, ਹਰਿਆਣਾ ਤੋਂ ਬਾਹਰ ਜੇਲ੍ਹ ਵਿੱਚ ਬੰਦ ਕਰ ਦੇਣਾ ਚਾਹੀਦਾ ਹੈ। ਇਹ ਇੱਕ ਵੱਡਾ ਅਪਰਾਧ ਹੈ ਅਤੇ ਖੁੱਲ੍ਹੇਆਮ ਧਮਕੀਆ ਦੇਣਾ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਆਖਿਆ ਕਿ ਸਮਾਜ ਵਿੱਚ ਅਸਥਿਰਤਾ ਪੈਦਾ ਕਰਨ, ਨਫ਼ਰਤ ਫੈਲਾਉਣ ਅਤੇ ਹਿੰਸਾ ਭੜਕਾਉਣ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਮੌਕੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ, ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ, ਸਕੱਤਰ ਜਸਵੰਤ ਸਿੰਘ ਖਹਿਰਾ, ਬਾਬਾ ਮਲਕੀਤ ਸਿੰਘ, ਬਾਬਾ ਹਰਬੇਅੰਤ ਸਿੰਘ, ਡਾਕਟਰ ਗੁਰਬੀਰ ਸਿੰਘ ਸੋਹੀ, ਦਇਆ ਸਿੰਘ ਲਹੋਰੀਆ, ਭੁਪਿੰਦਰ ਸਿੰਘ ਗਰੇਵਾਲ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਮੌਜੂਦ ਸਨ।