ਖੇਤੀ ਬਿੱਲਾਂ ਖ਼ਿਲਾਫ਼ ਕਾਂਗਰਸ ਦੇ ਦੋ ਧੜਿਆਂ ਵੱਲੋਂ ਵੱਖੋ-ਵੱਖ ਪ੍ਰਦਰਸ਼ਨ

ਖੇਤੀ ਬਿੱਲਾਂ ਖ਼ਿਲਾਫ਼ ਕਾਂਗਰਸ ਦੇ ਦੋ ਧੜਿਆਂ ਵੱਲੋਂ ਵੱਖੋ-ਵੱਖ ਪ੍ਰਦਰਸ਼ਨ

ਦਿੜ੍ਹਬਾ ਵਿੱਚ ਖੇਤੀ ਬਿੱਲਾਂ ਖ਼ਿਲਾਫ਼ ਲੱਗੇ ਧਰਨੇ ਮੌਕੇ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ।

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 21 ਸਤੰਬਰ

ਅੱਜ ਦਿੜ੍ਹਬਾ ਵਿੱਚ ਕਾਂਗਰਸ ਦੇ ਸੂਬਾ ਸਕੱਤਰ ਸਤਨਾਮ ਸਿੰਘ ਸੱਤਾ ਦੀ ਅਗਵਾਈ ਹੇਠ ਬਲਾਕ ਦਿੜ੍ਹਬਾ ਦੀਆਂ ਪੰਚਾਇਤਾਂ ਤੇ ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿਲਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਤਨਾਮ ਸਿੰਘ ਸੱਤਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਰਾਜ ਸਭਾ ਵਿੱਚ ਖੇਤੀ ਬਿਲ ਜਾਬਰ ਢੰਗ ਨਾਲ ਪਾਸ ਕਰਵਾ ਕੇ ਜਿੱਥੇ ਰਾਜ ਸਰਕਾਰਾਂ ਦੇ ਸੰਵਿਧਾਨਕ ਹੱਕਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਉੱਥੇ ਦੇਸ਼ ਦੇ ਜਮਹੂਰੀਅਤ ਢਾਂਢੇ ਨੂੰ ਤਾਰ ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਤੀ ਬਿੱਲ ਕਿਸਾਨਾਂ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਵੱਲੋਂ ਬਿੱਲਾਂ ਖ਼ਿਲਾਫ਼ ਦਿੱਤਾ ਅਸਤੀਫ਼ਾ ਇੱਕ ਚੋਣ ਸਟੰਟ ਹੈ ਕਿਉਂਕਿ ਉਸ ਨੇ ਪਹਿਲਾਂ ਬਿੱਲਾਂ ਦਾ ਵਿਰੋਧ ਨਹੀਂ ਕੀਤਾ ਪਰ ਜਦੋਂ ਪਤਾ ਲੱਗ ਗਿਆ ਕਿ ਹੁਣ ਹੋਰ ਪਾਰਟੀਆਂ ਕਿਸਾਨਾਂ ਦੇ ਹੱਕ ’ਚ ਸੜਕਾਂ ’ਤੇ ਆ ਗਈਆਂ ਹਨ, ਤਾਂ ਉਸ ਨੇ ਅਸਤੀਫਾ ਦੇ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਪੰਚਾਇਤ ਯੂਨੀਅਨ ਬਲਾਕ ਦਿੜ੍ਹਬਾ ਦੇ ਪ੍ਰਧਾਨ ਬਲਵੀਰ ਸਿੰਘ ਖਾਨਪੁਰ, ਟਰੱਕ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਜੱਸੀ, ਸ਼ੇਰ ਸਿੰਘ ਢੰਡੋਲੀਕਲਾਂ ਆਦਿ ਬੁਲਾਰਿਆਂ ਨੇ ਪਾਸ ਕੀਤੇ ਗਏ ਬਿੱਲਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸੰਘਰਸ਼ ਉਨਾ ਚਿਰ ਚੱਲਦਾ ਰਹੇਗਾ ਜਦੋਂ ਤੱਕ ਕੇਂਦਰ ਸਰਕਰ ਇਨ੍ਹਾਂ ਬਿੱਲਾਂ ਨੂੰ ਵਾਪਿਸ ਨਹੀਂ ਲੈਂਦੀ।

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਾਰਟੀਬਾਜ਼ੀ ਤੋਂ ’ਤੇ ਉੱਠ ਕੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਯੂਨੀਅਨਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਇਸ ਧਰਨੇ ਵਿੱਚ ਸਰਪੰਚ ਮਲਕੀਤ ਸਿੰਘ ਨਾਗਰੀ, ਅਮਰੀਕ ਸਿੰਘ ਘਨੌੜ ਜੱਟਾਂ, ਗੁਰਬੰਤ ਸਿੰਘ ਲਾਡੀ ਆਦਿ ਹਾਜ਼ਰ ਸਨ। ਉਧਰ, ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਬ ਸਿੰਘ ਰਟੌਲ ਦੀ ਅਗਵਾਈ ਹੇਠ ਵੀ ਖੇਤੀ ਬਿੱਲਾਂ ਖ਼ਿਲਾਫ਼ ਧਰਨਾ ਦਿੱਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All