ਨਿਜੀ ਪੱਤਰ ਪ੍ਰੇਰਕ
ਸੰਗਰੂਰ, 15 ਜੁਲਾਈ
ਮਲੇਰਕੋਟਲਾ ਵਿੱਚ ਗਊ ਅੰਗ ਮਿਲਣ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਅੱਜ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ’ਚ ਗਊ ਹੱਤਿਆ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਅਜਿਹਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ ਲਈ ਕਮਿਸ਼ਨ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਊ ਹੱਤਿਆਵਾਂ ਦੀਆਂ ਘਟਨਾਵਾਂ ਵਾਪਰਨ ਕਾਰਨ ਸਮਾਜ ’ਚ ਵੱਡੇ ਪੱਧਰ ’ਤੇ ਰੋਸ ਪੈਦਾ ਹੁੰਦਾ ਹੈ ਇਸ ਲਈ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਗਊ ਹੱਤਿਆ, ਗਊ ਤਸਕਰੀ ਤੇ ਗਊ ਮਾਸ ਵਰਗੇ ਗੈਰਕਾਨੂੰਨੀ ਕੰਮਾਂ ਨੂੰ ਮੁਕੰਮਲ ਬੰਦ ਕਰਵਾਉਣ ਤੇ ਭਵਿੱਖ ਵਿੱਚ ਗਊ ਧਨ ਦੀ ਸੇਵਾ ਸੰਭਾਲ ਤੇ ਸੁਰੱਖਿਆ ਵਾਸਤੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਚਰਚਾ ਕੀਤੀ ਗਈ। ਸ੍ਰੀ ਸਚਿਨ ਸ਼ਰਮਾ ਨੇ ਅਧਿਕਾਰੀਆਂ ਤੋਂ ਗਊ ਹੱਤਿਆ, ਗਊ ਮਾਸ ਤੇ ਗਊ ਤਸਕਰੀ ਰੋਕਣ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਝ ਵਸਤਾਂ ’ਤੇ ਲਗਾਇਆ ਗਿਆ ਗਊ ਸੈੱਸ ਵੀ ਸੁਚੱਜੇ ਤਰੀਕੇ ਨਾਲ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਗਊਆਂ ਦੀ ਰੱਖਿਆ, ਇਲਾਜ ਆਦਿ ਲਈ ਪੰਜਾਬ ਸਰਕਾਰ ਵੱਲੋਂ ਸੋਧੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਐੱਸਡੀਐੱਮ. ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ, ਐੱਸਪੀ ਗੁਰਪ੍ਰੀਤ ਸਿੰਘ, ਕਮਿਸ਼ਨ ਦੇ ਸੀਈਓ ਡਾ. ਸੇਖੋਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।