ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਗਲੀਆਂ ’ਚ ਭਰਿਆ ਗੰਦਾ ਪਾਣੀ
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀ ਬੇਮਿਆਦੀ ਹੜਤਾਲ ਕਾਰਨ ਸ਼ਹਿਰ ’ਚ ਕਈ ਥਾਵਾਂ ’ਤੇ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ ਵਿੱਚ ਓਵਰਫਲੋ ਹੋ ਚੁੱਕਾ ਹੈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਦਿਨੀਂ ਕਾਂਗਰਸ ਪਾਰਟੀ ਨਾਲ ਸਬੰਧਤ ਕੌਂਸਲਰ ਵੀ ਡਿਪਟੀ ਕਮਿਸ਼ਨਰ ਦੇ ਨਾਂ ਮੰਗ ਪੱਤਰ ਸੌਂਪ ਕੇ ਸੀਵਰੇਜ ਸਮੱਸਿਆ ਦੂਰ ਕਰਨ ਦੀ ਮੰਗ ਕਰ ਚੁੱਕੇ ਹਨ। ਉਸ ਤੋਂ ਕੁਝ ਦਿਨ ਪਹਿਲਾਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਰੀਬ ਅੱਧੀ ਦਰਜਨ ਕੌਂਸਲਰਾਂ ਨੇ ਵੀ ਸੀਵਰੇਜ ਦੇ ਮਾੜੇ ਪ੍ਰਬੰਧਾਂ ਦੀ ਪੋਲ ਖੋਲ੍ਹਦਿਆਂ ਕੋਈ ਸੁਣਵਾਈ ਨਾ ਹੋਣ ਦਾ ਦੁੱਖੜਾ ਰੋਇਆ ਸੀ। ਹੁਣ ਪਿਛਲੇ ਦਿਨਾਂ ਤੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮੇ ਹੜਤਾਲ ’ਤੇ ਹਨ ਜਿਨ੍ਹਾਂ ਦੀ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਇਸ ਦਾ ਖਮਿਆਜ਼ਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਗੰਦੇ ਪਾਣੀ ਕਾਰਨ ਲੋਕਾਂ ਨੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ।
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਹੜਤਾਲੀ ਕਾਮਿਆਂ ਵਲੋਂ ਵਿਭਾਗ ਦੇ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਅਨੁਸਾਰ ਯੂਨੀਅਨ ਵਲੋਂ 11 ਅਗਸਤ ਦੀ ਲੁਧਿਆਣਾ ਵਿੱਚ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਧਰਨੇ ਦੌਰਾਨ ਹੜਤਾਲੀ ਕਾਮਿਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਨੇ ਕਿਹਾ ਕਿ ਪਿਛਲੇ ਛੇ ਦਿਨਾਂ ਤੋਂ ਕਾਮਿਆਂ ਦੀ ਹੜਤਾਲ ਪੰਜਾਬ ਭਰ ਵਿਚ ਜਾਰੀ ਹੈ ਅਤੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਯੂਨੀਅਨ ਨਾਲ ਮੀਟਿੰਗਾਂ ਜ਼ਰੂਰ ਕੀਤੀਆਂ ਜਾ ਰਹੀਆਂ ਹਨ ਪਰ ਮੀਟਿੰਗ ਵਿਚ ਸਿਵਾਏ ਭਰੋਸੇ ਤੋਂ ਪੱਲੇ ਕੱਖ ਨਹੀਂ ਪਾਇਆ ਜਾਂਦਾ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬੀਤੀ 6 ਅਗਸਤ ਨੂੰ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਕੁੱਝ ਨਹੀਂ ਹੋਇਆ।
ਆਗੂਆਂ ਨੇ ਕਿਹਾ ਕਿ ਯੂਨੀਅਨ ਵਲੋਂ 11 ਅਗਸਤ ਨੂੰ ਲੁਧਿਆਣਾ ਵਿੱਚ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਹੈ ਜਿਸ ਵਿਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਿਸੇ ਵੀ ਤਰੀਕੇ ਦਾ ਸੰਘਰਸ਼ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ, ਮੀਤ ਪ੍ਰਧਾਨ ਅਮਿਤ ਕੁਮਾਰ, ਜਨਰਲ ਸਕੱਤਰ ਜਗਵੀਰ ਸਿੰਘ, ਸਹਾਇਕ ਸਕੱਤਰ ਮਿਲਖਾ ਸਿੰਘ, ਪ੍ਰੈੱਸ ਸਕੱਤਰ ਨਰਿੰਦਰ ਕੁਮਾਰ ਮੋਰਿੰਡਾ, ਗੁਰਜੰਟ ਸਿੰਘ ਉਗਰਾਹਾਂ, ਨਿਵਾਸ ਸ਼ਰਮਾ ਸੰਗਰੂਰ, ਹਰਦੀਪ ਕੁਮਾਰ ਸੰਗਰੂਰ, ਨਰਿੰਦਰ ਸਿੰਘ ਨੰਗਲ, ਸਨੀ ਪਾਰਸ ਬਟਾਲਾ, ਅਨੂਪ ਸ਼ਰਮਾ ਦੀਨਾਨਗਰ, ਵਰਿੰਦਰ ਕੁਮਾਰ ਗੁਰਦਾਸਪੁਰ, ਜਗਤਾਰ ਸਿੰਘ ਬਠਿੰਡਾ, ਸੰਜੂ ਕੁਮਾਰ ਰਾਜਪੁਰਾ, ਨਰੇਸ਼ ਕੁਮਾਰ ਰਾਜਪੁਰਾ, ਆਦਿ ਵੱਖ ਵੱਖ ਸ਼ਹਿਰਾਂ ਤੋਂ ਸਾਥੀ ਸੰਘਰਸ਼ ਵਿਚ ਸ਼ਾਮਲ ਹਨ।