ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 29 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਪਿੰਡ ਘਰਾਚੋਂ ਵਿੱਚ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ ਵੱਲੋਂ ਕਰਵਾਏ ਗਏ ਸਮਾਗਮ ‘ਇੱਕ ਸ਼ਾਮ ਸ਼ਹੀਦਾਂ ਦੇ ਨਾਮ’ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਬੀਤੀ ਦੇਰ ਸ਼ਾਮ ਵੱਡੀ ਗਿਣਤੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਬਰਾਬਰੀ ਤੇ ਭਾਈਚਾਰਕ ਸਾਂਝ ਦੇ ਹਾਮੀ ਸਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਨੇ ਭ੍ਰਿਸ਼ਟਾਚਾਰ ਅਤੇ ਬੇਇਨਸਾਫ਼ੀ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਵਿਚਾਰਧਾਰਾ ਹੀ ਭਾਰਤ ਨੂੰ ਦੁਨੀਆਂ ਦਾ ਮੋਹਰੀ ਦੇਸ਼ ਬਣਾ ਸਕਦੀ ਹੈ।
ਹਵਾਈ ਅੱਡੇ ਦੇ ਨਾਂ ਸਬੰਧੀ ਬੇਲੋੜਾ ਰੌਲਾ ਪਾਉਣ ਲਈ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਵਾਲੇ ਖ਼ੁਦ ਅੰਗਰੇਜ਼ਾਂ ਦੇ ਪਿੱਠੂ ਬਣ ਕੇ ਲੋਕਾਂ ਨਾਲ ਧ੍ਰੋਹ ਕਰਦੇ ਰਹੇ ਹਨ। ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ’ਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਠੱਲ੍ਹਣ ਲਈ ਹਰ ਸੰਭਵ ਯਤਨ ਕਰੇਗੀ। ਅੱਧੀ ਰਾਤ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਲਚਕਾਣੀ ਵਾਲੇ ਢਾਡੀ ਜਥੇ, ਨਾਟਕਾਂ ਅਤੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਨਰਿੰਦਰ ਕੌਰ ਭਰਾਜ, ਆਈਜੀ ਪਟਿਆਲਾ ਛੀਨਾ, ਐੱਸਐੱਸਪੀ ਮਨਦੀਪ ਸਿੰਘ ਸਿੱਧੂ, ਜਤਿੰਦਰ ਜੋਰਵਾਲ ਡੀਸੀ ਸੰਗਰੂਰ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।