protest: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਡੀ ਸੀ ਦਫ਼ਤਰ ਤੱਕ ਮਾਰਚ
ਨਸ਼ਿਆਂ, ਮਹਿੰਗਾਈ, ਝੂਠੇ ਮੁਕਾਬਲਿਆਂ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਵਿਰੋਧ; ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਨਸ਼ਿਆਂ, ਮਹਿੰਗਾਈ, ਜੰਗ ਅਤੇ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ਵਿਰੁੱਧ ਅਤੇ ਹੋਰ ਅਹਿਮ ਮੰਗਾਂ ਲਈ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ ਅਤੇ ਡੀ ਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਪਾਰਟੀ ਵੱਲੋਂ ਇਸ ਮੌਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਗਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਝੰਡੇ ਹੇਠ ਆਗੂ ਅਤੇ ਵਰਕਰ ਧੂਰੀ ਰੋਡ ਸਥਿਤ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁੱਜੇ ਅਤੇ ਰੋਸ ਧਰਨਾ ਦਿੰਦਿਆਂ ਹਕੂਮਤਾਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਪਾਰਟੀ ਆਗੂ ਬਹਾਦਰ ਸਿੰਘ ਭਸੌੜ, ਹਰਜੀਤ ਸਿੰਘ ਸਜੂਮਾ, ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਸਤਨਾਮ ਸਿੰਘ ਰੱਤੋਕੇ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਹਰਪਾਲ ਕੌਰ ਅਤੇ ਸ਼ਹਿਰੀ ਪ੍ਰਧਾਨ ਸੁਖਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਬੋਲਬਾਲਾ ਹੈ, ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਸ਼ਕਲ ਕੀਤਾ ਹੋਇਆ ਹੈ, ਜੰਗ ਨੇ ਕੌਮਾਂਤਰੀ ਪੱਧਰ ’ਤੇ ਤਣਾਅ ਵਾਲਾ ਮਾਹੌਲ ਬਣਾ ਰੱਖਿਆ ਹੈ ਜਿਸ ਦੀ ਆੜ ਹੇਠ ਕਾਲਾਬਾਜ਼ਾਰੀ ਕਰਨ ਵਾਲੇ ਲੋਕਾਂ ਦੀ ਆਰਥਿਕ ਲੁੱਟ ਕਰ ਰਹੇ ਹਨ। ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਨੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਪੁਲੀਸ ਅਤੇ ਸਰਕਾਰ ਵਲੋਂ ਨਸ਼ਿਆਂ ਦੇ ਨਾਂ ਤੇ ਸਿੱਖ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਝੂਠੇ ਪੁਲੀਸ ਮੁਕਾਬਲਿਆਂ ਦਾ ਡਰ ਪੈਦਾ ਕੀਤਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿਚ ਸਾਜਿਸ਼ ਤਹਿਤ ਸਿੱਖ ਕੌਮ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਜਿਸ ਦੀ ਸਖਤ ਨਿੰਦਾ ਕਰਦੇ ਹਾਂ। ਆਗੂਆਂ ਨੇ ਮੰਗ ਕੀਤੀ ਕਿ ਰਸੋਈ ਗੈਸ ਦੀਆਂ ਕੀਮਤਾਂ ਚ ਵਾਧਾ ਵਾਪਸ ਲਿਆ ਜਾਵੇ, ਕਾਲਾਬਾਜ਼ਾਰੀ ਅਤੇ ਭ੍ਰਿਸ਼ਟਾਚਾਰ ਨੂੰ ਨਕੇਲ ਪਾਈ ਜਾਵੇ, ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬੰਦ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਅਤੇ ਲੋਕਤੰਤਰ ਦੀ ਬਹਾਲੀ ਨਾ ਹੋਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ
ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਖਾੜੀ ਮੁਲਕਾਂ ਵਿੱਚ ਇਜ਼ਰਾਈਲ, ਅਮਰੀਕਾ ਤੇ ਇਰਾਨ ਜੰਗ ਕਾਰਨ ਵਧਦੇ ਤਣਾਅ ਕਾਰਨ ਵਧ ਰਹੀ ਮਹਿੰਗਾਈ ਨੂੰ ਠੱਲ੍ਹਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਕਲਿਆਣ ਤੇ ਖਾੜੀ ਮੁਲਕਾਂ ਦੇ ਪਾਰਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਚੱਕ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਮਾਰਚ ਕਰਕੇ ਰਾਸ਼ਟਰਪਤੀ ਦੇ ਨਾਂ ਇੱਕ ਮੰਗ ਪੱਤਰ ਏ ਡੀ ਸੀ ਮਾਲੇਰਕੋਟਲਾ ਨੂੰ ਸੌਂਪਿਆ। ਗੁਰਦੁਆਰਾ ਹਾਅ ਦਾ ਨਾਅਰਾ ਤੋਂ ਡੀ ਸੀ ਦਫਤਰ ਤੱਕ ਰੋਸ ਮਾਰਚ ਕਰ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਕਲਿਆਣ ਨੇ ਕਿਹਾ ਕਿ ਜੰਗ ਕਾਰਨ ਬਣੇ ਤਣਾਅ ਵਾਲੇ ਮਹੌਲ ਵਿਚ ਮਹਿੰਗਾਈ ਸਿਖਰਾਂ ’ਤੇ ਪਹੁੰਚ ਚੁੱਕੀ ਹੈ ਅਤੇ ਕਾਲਾਬਾਜ਼ਾਰੀ, ਚੋਰ ਬਾਜ਼ਾਰੀ ਵਧ ਰਹੀ ਹੈ। ਮਹਿੰਗਾਈ ਕਾਰਨ ਗਰੀਬ ਵਰਗ ਕੁਚਲਿਆ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਵੱਲੋਂ ਸ਼ੁਰੂ ਕੀਤਾ ਅਪਰੇਸ਼ਨ ਸਿੰਧੂਰ ਤੁਰੰਤ ਬੰਦ ਕੀਤਾ ਜਾਵੇ। ਭਾਰਤੀ ਬਸ਼ਿਦਿਆਂ ਨੂੰ ਸਸਤੀ ਗੈਸ ਲਈ ਟੀ ਏ ਪੀ ਆਈ ਗੈਸ ਪਾਈਪਲਾਈਨ ਪੂਰੀ ਕੀਤੀ ਜਾਵੇ।

