ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਨਵੰਬਰ
ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਟੌਲ ਪਲਾਜ਼ਾ ਕਾਲਾਝਾੜ, ਟੌਲ ਪਲਾਜ਼ਾ ਮਾਝੀ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਅੱਜ 41ਵੇਂ ਦਿਨ ਵੀ ਧਰਨੇ ਭਖਦੇ ਰਹੇ।
ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ ਅਤੇ ਜਸਵੀਰ ਸਿੰਘ ਗੱਗੜਪੁਰ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਹੱਥਠੋਕਾ ਬਣ ਚੁੱਕੀ ਮੋਦੀ ਹਕੂਮਤ ਵੱਲੋਂ ਕਿਸਾਨਾਂ ਦੁਆਰਾ ਰੇਲਵੇ ਟਰੈਕ ਰੋਕਣ ਦਾ ਸਰਾਸਰ ਝੂਠਾ ਬਹਾਨਾ ਬਣਾ ਕੇ ਪੰਜਾਬ ਦੀਆਂ ਰੇਲਾਂ ਰੱਦ ਕਰਨ ਦਾ ਤਾਨਾਸ਼ਾਹ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਦੀ ਤਿਆਰੀ ਪੂਰੇ ਜੋਸ਼ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਗੱਡੀਆਂ ਚਲਾ ਕੇ ਗੱਲਬਾਤ ਲਈ ਮਾਹੌਲ ਸਾਜ਼ਗਾਰ ਬਣਾਉਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਤੇ ਸਥਿਤ ਟੌਲ ਪਲਾਜ਼ਾ ਮਾਝੀ ਵਿੱਚ ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਾਕ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਅੰਗਰੇਜ਼ ਸਿੰਘ ਜਰਨੈਲ ਸਿੰਘ ਮਾਝੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਦੇ ਦ੍ਰਿੜ ਸੰਘਰਸ਼ ਸਦਕਾ ਮੋਦੀ ਸਰਕਾਰ ਨੂੰ ਅਖੀਰ ਵਿੱਚ ਝੁਕਣਾ ਵੀ ਪਵੇਗਾ।