ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਅਕਤੂਬਰ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਜ਼ੋਨਲ ਆਗੂ ਚਰਨ ਸਿੰਘ ਬਾਲਦ ਕਲਾਂ ਅਤੇ ਪਰਮਜੀਤ ਕੌਰ ਲੌਂਗੋਵਾਲ ਦੀ ਅਗਵਾਈ ਹੇਠ ਅੱਜ ਇੱਥੇ ਥਾਣਾ ਭਵਾਨੀਗੜ੍ਹ ਦਾ ਸੰਕੇਤਕ ਘਿਰਾਓ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 2014 ਵਿੱਚ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਨੂੰ ਲੈਣ ਲਈ ਕੀਤੇ ਸੰਘਰਸ਼ ਦੌਰਾਨ ਮਜਦੂਰਾਂ ’ਤੇ ਲਾਠੀਚਾਰਜ ਕਰਨ ਉਪਰੰਤ ਝੂਠੇ ਪਰਚੇ ਦਰਜ ਕੀਤੇ ਗਏ ਸੀ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਕਈ ਵਾਰ ਸੰਘਰਸ਼ ਦੇ ਦਰਮਿਆਨ ਪ੍ਰਸ਼ਾਸਨ ਵੱਲੋਂ ਮੰਨਿਆ ਗਿਆ ਕਿ ਇਹ ਪਰਚੇ ਝੂਠੇ ਹਨ ਅਤੇ ਇਨ੍ਹਾਂ ਨੂੰ ਰੱਦ ਕੀਤਾ ਜਾਵੇਗਾ। ਮਜ਼ਦੂਰ ਆਗੂਆਂ ਨੇ ਦੱਸਿਆ ਗਿਆ ਕਿ ਇਕ ਪਾਸੇ ਕੈਪਟਨ ਸਰਕਾਰ ਅਤੇ ਮੌਜੂਦਾ ਕਾਂਗਰਸ ਦੀ ਚੰਨੀ ਸਰਕਾਰ ਵੱਲੋਂ ਕਿਸਾਨਾਂ ਦੇ ਸੰਘਰਸ਼ ਦੌਰਾਨ ਪਾਏ ਝੂਠੇ ਅਤੇ ਨਾਜਾਇਜ਼ ਪਰਚੇ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਪਰ ਦੂਜੇ ਪਾਸੇ ਐੱਸਸੀ ਭਾਈਚਾਰੇ ਨਾਲ ਵਿਤਕਰੇਬਾਜ਼ੀ ਕਰਦੇ ਹੋਏ ਪਿੰਡ ਬਾਲਦ ਕਲਾਂ ਦੀਆਂ ਬਜ਼ੁਰਗ ਔਰਤਾਂ ਸਮੇਤ ਲੋਕਾਂ ਨੂੰ ਸੰਮਨ ਭੇਜ ਕੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਜਾ ਰਿਹਾ ਹੈ।
ਇਸੇ ਦੌਰਾਨ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਧਰਨੇ ਵਿੱਚ ਆ ਕੇ ਦੱਸਿਆ ਕਿ ਇਸ ਕੇਸ ਨੂੰ ਰੱਦ ਕਰਨ ਸਬੰਧੀ ਪੁਲੀਸ ਵੱਲੋਂ ਅਦਾਲਤ ਵਿੱਚ ਲਿਖਤੀ ਦਰਖਾਸਤ ਦਿੱਤੀ ਹੋਈ ਹੈ। ਕੁਝ ਤਕਨੀਕੀ ਕਾਰਨਾਂ ਕਰਕੇ ਅਦਾਲਤ ਵੱਲੋਂ ਸੰਮਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕਿਸੇ ਕਿਸਮ ਦੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾਵੇਗੀ। ਇਸ ਭਰੋਸੇ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਮਜ਼ਦੂਰਾਂ ਦੇ ਮਸਲਿਆਂ ਸਬੰਧੀ 12 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨਾਲ ਮੀਟਿੰਗ ਕੀਤੀ ਜਾਵੇਗੀ।
ਨਾਜਾਇਜ਼ ਮਾਈਨਿੰਗ ਖ਼ਿਲਾਫ਼ ਤਿੰਨ ਟਰਾਲਿਆਂ ਦੇ ਚਲਾਨ
ਘੱਗਾ (ਸ਼ਾਹਬਾਜ ਸਿੰਘ) ਇਲਾਕੇ ਵਿਚੋਂ ਹਰਿਆਣਾ ਵੱਲ ਮਿੱਟੀ ਨਾਲ ਭਰ ਕੇ ਜਾਂਦੇ ਟਰਾਲਿਆਂ ਉਤੇ ਕਾਰਵਾਈ ਕਰਦਿਆਂ ਬਾਦਸ਼ਾਹਪੁਰ ਪੁਲੀਸ ਨੇ ਮਿੱਟੀ ਨਾਲ ਭਰੇ ਤਿੰਨ ਟਰਾਲੇ ਰੋਕ ਕੇ ਕਬਜ਼ੇ ਵਿੱਚ ਲੈ ਲਏ। ਬਾਦਸ਼ਾਹਪੁਰ ਚੌਕੀ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਮਿੱਟੀ ਨਾਲ ਭਰੇ ਟਰਾਲਿਆਂ ਉਤੇ ਬਣਦੀ ਕਾਰਵਾਈ ਕਰਦਿਆਂ ਤਿੰਨ ਟਰਾਲਿਆਂ ਦੇ ਚਲਾਨ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਇਸ ਖੇਤਰ ਵਿਚ ਮਾਈਨਿੰਗ ਹੁੰਦੀ ਹੈ ਅਤੇ ਲਾਕਡਾਊਨ ਦੇ ਦਿਨਾਂ ਵਿੱਚ ਵੀ ਮਾਈਨਿੰਗ ਨਾ ਰੁਕਣ ਕਾਰਨ ਲੋਕਾਂ ਨੇ ਰੋਸ ਜਤਾਇਆ ਸੀ। ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉਤੇ ਲੋਕਾਂ ਨੇ ਦੱਸਿਆ ਕਿ ਮਾਈਨਿੰਗ ਕਰਨ ਵਾਲੇ ਠੇਕੇਦਾਰਾਂ ’ਤੇ ਕੋਈ ਰੋਕ ਟੋਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਤੂੜੀ ਨਾਲ ਭਰੇ ਟਰਾਲਿਆਂ ਕਾਰਨ ਬਾਦਸ਼ਾਹਪੁਰ ਚੌਕ ਵਿੱਚ ਹਰ ਰੋਜ਼ ਜਾਮ ਲੱਗਦਾ ਹੈ।