ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਜੁਲਾਈ
ਪਿੰਡ ਸੰਗਤਪੁਰਾ ਵਿੱਚ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਮਜ਼ਦੂਰਾਂ ਨੇ ਔਰਤਾਂ ਤੋਂ ਕਰਜ਼ਾ ਵਸੂਲਣ ਆਏ ਏਜੰਟ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ।
ਜਥੇਬੰਦੀ ਦੇ ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰਭੈਣੀ ਨੇ ਕਿਹਾ ਕਿ ਖੇਤ ਮਜ਼ਦੂਰ ਪਰਿਵਾਰ ਕਰੋਨਾ ਮਹਾਮਾਰੀ ’ਤੇ ਲੌਕਡਾਊਨ ਕਾਰਨ ਪਹਿਲਾਂ ਹੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ। ਦੂਜੇ ਪਾਸੇ ਮਾਈਕ੍ਰੋਫਾਇਨਾਂਸ ਕੰਪਨੀਆਂ ਵੱਲੋਂ ਮਜ਼ਦੂਰ ਔਰਤਾਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਦੀ ਵਸੂਲੀ ਲਈ ਉਨ੍ਹਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਨਾਲ ਦੁਰਵਿਹਾਰ ਕਰਨ ਵਾਲੀਆਂ ਕੰਪਨੀਆਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਘਿਰਾਓ ਕੀਤਾ ਜਾਵੇਗਾ।
ਮਜ਼ਦੂਰ ਆਗੂ ਨੇ ਦੋਸ਼ ਲਾਇਆ ਕਿ ਸੂਬਾ ਤੇ ਕੇਂਦਰ ਸਰਕਾਰ ਨੇ ਨਾ ਸਿਰਫ਼ ਕਰੋਨਾ ਨਾਲ ਨਜਿੱਠਣ ਵਿੱਚ ਕੁਤਾਹੀ ਕਰਕੇ ਖੇਤ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਨੂੰ ਸੰਕਟ ਦੇ ਮੂੰਹ ਧੱਕ ਦਿੱਤਾ ਹੈ ਸਗੋਂ ਇਸ ਦੀ ਆੜ ਵਿੱਚ ਨਿੱਤ ਦਿਨ ਲੋਕਾਂ ’ਤੇ ਨਵੇਂ ਹੱਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਰਾਸ਼ਨ ਕਾਰਡ ਕੱਟਣ, ਬੱਸ ਕਿਰਾਇਆ ਵਧਾਉਣ ਤੇ ਬਠਿੰਡਾ ਥਰਮਲ ਦੇ ਅਸਾਸੇ ਵੇਚਣ ਵਰਗੇ ਕਦਮ ਲਏ ਗਏ ਅਤੇ ਮੋਦੀ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਨ, ਤੇਲ ਕੀਮਤਾਂ ਵਿੱਚ ਅਥਾਹ ਵਾਧਾ ਕਰਨ, ਲੋਕ ਦੋਖੀ ਖੇਤੀ ਆਰਡੀਨੈਂਸ ਜਾਰੀ ਕਰਨ ਵਰਗੇ ਅਨੇਕਾਂ ਲੋਕ ਵਿਰੋਧੀ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ 20 ਤੇ 21 ਜੁਲਾਈ ਨੂੰ ਸੂਬਾਈ ਸੱਦੇ ਤਹਿਤ ਤਹਿਸੀਲ ਦਫ਼ਤਰਾਂ ’ਤੇ ਧਰਨੇ ਦਿੱਤੇ ਜਾਣਗੇ।