ਬਿਪਤਾ ਦੀ ਘੜੀ ’ਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨੀਜਨਕ: ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਥਾਨਕ ਅਨਾਜ ਮੰਡੀ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਸਮੱਗਰੀ ਦੇ 11 ਟਰੱਕ ਰਵਾਨਾ ਕੀਤੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪਾਣੀ ਦੇ ਕੋਟੇ ਵਿੱਚ ਕਟੌਤੀ ਕਰਨ ਬਾਰੇ ਕਹਿਣ ਨਾਲ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ, ਕੇਂਦਰ ਸਰਕਾਰ ਅਤੇ ਪੰਜਾਬ ਦੇ ਭਾਜਪਾ ਆਗੂਆਂ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਿਪਤਾ ਦੀ ਘੜੀ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਤਾਂ ਬਿਲਕੁਲ ਹੀ ਹੈਰਾਨੀ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਨੂੰ ਆਪਣੀਆਂ ਫ਼ਸਲਾਂ ਲਈ ਪਾਣੀ ਚਾਹੀਦਾ ਹੁੰਦਾ ਹੈ ਤਾਂ ਉਸ ਵੇਲੇ ਹਰਿਆਣਾ ਵਾਧੂ ਪਾਣੀ ਮੰਗਦਾ ਹੈ ਪਰ ਅੱਜ ਅਸੀਂ ਹਰਿਆਣਾ ਨੂੰ ਕਹਿ ਰਹੇ ਹਾਂ ਕਿ ਉਹ ਵਾਧੂ ਪਾਣੀ ਲੈ ਲਵੇ ਤਾਂ ਜੋ ਸੂਬੇ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ ਤਾਂ ਹਰਿਆਣਾ ਸਰਕਾਰ ਨੇ ਕਹਿ ਦਿੱਤਾ ਕਿ ਉਨ੍ਹਾਂ ਨੂੰ ਹੁਣ ਪਾਣੀ ਦੀ ਲੋੜ ਨਹੀਂ ਹੈ ਬਲਕਿ ਨਿਰਧਾਰਤ ਕੋਟੇ ਵਿੱਚੋਂ ਵੀ ਕਟੌਤੀ ਕਰਨ ਬਾਰੇ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਹਲਕਾ ਸੁਨਾਮ ਵੱਲੋਂ ਸਮੂਹ ਧਿਰਾਂ ਦੇ ਸਹਿਯੋਗ ਨਾਲ ਹੜ੍ਹ ਤੋਂ ਜ਼ਿਆਦਾ ਪ੍ਰਭਾਵਿਤ ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਫਾਜ਼ਿਲਕਾ, ਭੋਆ ਤੇ ਪੱਟੀ ਲਈ 11 ਟਰੱਕ ਭੇਜੇ ਗਏ ਹਨ।
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਹੜ੍ਹ ਪੀੜਤ ਰਾਜਾਂ ਦੀ ਮਦਦ ਕਰਨ ਲਈ ਖੁੱਲ੍ਹ ਕੇ ਅੱਗੇ ਆਵੇ। ਇਹ ਗੱਲ ਉਨ੍ਹਾਂ ਪਟਿਆਲਾ ਤੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਸ਼ਨ ਅਤੇ ਚਾਰੇ ਦੇ ਟਰੱਕ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਮੌਕੇ ਆਖੀ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤਜਿੰਦਰ ਮਹਿਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਅਤੇ ਏਡੀਸੀ ਅਮਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਬਹੁਤੇ ਰਾਜ ਹੜ੍ਹਾਂ ਦੀ ਮਾਰ ਹੇਠ ਹਨ ਤੇ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਸੰਕਟ ਮੌਕੇ ਆਪਣਾ ਹੱਥ ਰਾਜਾਂ ਵੱਲ ਵਧਾਉਂਦਿਆਂ ਤੁਰੰਤ ਰਾਹਤ ਪੈਕੇਜ ਜਾਰੀ ਕਰਨ ਤੋਂ ਇਲਾਵਾ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਕੇ ਲੋਕਾਂ ਦੀ ਇਸ ਮੁਸ਼ਕਲ ਦੀ ਘੜੀ ’ਚ ਉਨ੍ਹਾਂ ਨੂੰ ਸਹਾਰਾ ਦੇਣ ਆਉਣ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ 450 ਤੋਂ ਵੱਧ ਐਮਰਜੈਂਸੀ ਰਿਸਪਾਂਸ ਟੀਮਾਂ, 323 ਮੈਡੀਕਲ ਟੀਮਾਂ ਤੇ 174 ਐਂਬੂਲੈਂਸਾਂ ਕੰਮ ਕਰ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤਜਿੰਦਰ ਮਹਿਤਾ ਸਮੇਤ ਵੱਡੀ ਗਿਣਤੀ ‘ਆਪ’ ਵਾਲੰਟੀਅਰ ਮੌਜੂਦ ਸਨ।