ਸਿਮਰਨਜੀਤ ਮਾਨ ਤੇ ਜਗੀਰ ਕੌਰ ਵੱਲੋਂ ਲੌਂਗੋਵਾਲ ਨਾਲ ਦੁੱਖ ਸਾਂਝਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਨੌਜਵਾਨ ਧੀ ਬੀਬੀ ਗੁਰਮਨ ਕੌਰ ਦੇ ਦੇਹਾਂਤ ’ਤੇ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਸਿਆਸੀ ਆਗੂਆਂ ਦਾ ਭਾਈ ਲੌਂਗੋਵਾਲ ਦੇ ਘਰ ਪੁੱਜਣਾ ਜਾਰੀ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਫੋਨ ’ਤੇ ਦੁੱਖ ਸਾਂਝਾ ਕੀਤਾ। ਲੌਂਗੋਵਾਲ ਵਿੱਚ ਦੁੱਖ ਸਾਂਝਾ ਕਰਨ ਪੁੱਜੇ ਆਗੂਆਂ ’ਚ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ, ਗੁਰਪ੍ਰੀਤ ਸਿੰਘ ਮਲੂਕਾ, ਦਾਮਨ ਥਿੰਦ ਬਾਜਵਾ, ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਸੰਘਰੇੜੀ, ਮੁੱਖ ਮੰਤਰੀ ਦੇ ਸਾਬਕਾ ਓਐਸਡੀ ਪ੍ਰੋ. ਓਂਕਾਰ ਸਿੰਘ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਅਜੈਬ ਸਿੰਘ ਭੱਟੀ, ਐਸਜੀਪੀਸੀ ਮੈਂਬਰ ਹਰਦੇਵ ਸਿੰਘ ਰੋਗਲਾ, ਗੁਰਮੀਤ ਸਿੰਘ ਅਤੇ ਮੇਜਰ ਸਿੰਘ ਢਿੱਲੋਂ, ਮਨਜੀਤ ਸਿੰਘ ਸਾਗਰ, ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਬਹਾਦਰ ਸਿੰਘ ਭਸੌੜ, ਸਤਿਨਾਮ ਸਿੰਘ ਰੱਤੋਕੇ ਸਮੇਤ ਇਲਾਕੇ ਦੇ ਮੋਹਤਬਰ ਸ਼ਾਮਲ ਸਨ। ਇਸ ਮੌਕੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੌਂਗੋਵਾਲ ਸਾਹਿਬ ਦੀ ਧੀ ਦੀ ਬੇਵਕਤ ਮੌਤ ਨਾਲ ਪਰਿਵਾਰ ਨੂੰ ਵੱਡਾ ਸਦਮਾ ਪੁੱਜਿਆ ਹੈ ਕਿਉਂਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਹਿਲਾਂ ਹੀ ਆਪਣੀ ਧਰਮਪਤਨੀ ਦੇ ਸਦਮੇ ’ਚੋਂ ਅਜੇ ਤੱਕ ਬਾਹਰ ਨਹੀਂ ਆ ਸਕੇ ਸਨ ਕਿ ਹੁਣ ਪੁੱਤਰੀ ਦੇ ਵੀ ਇਸ ਦੁਨੀਆਂ ਤੋਂ ਤੁਰ ਜਾਣ ਕਾਰਨ ਪਰਿਵਾਰ ਵਿੱਚ ਵੱਡਾ ਖਲਾਅ ਪੈਦਾ ਹੋ ਗਿਆ ਹੈ।