S I R row: ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ
w ਸੀ ਪੀ ਆਈ ਅਤੇ ਸੀ ਪੀ ਆਈ ਐੱਮ ਵਲੋਂ ਡੀ ਸੀ ਦਫ਼ਤਰ ਤੱਕ ਮਾਰਚ; ਮੁੱਖ ਚੋਣ ਕਮਿਸ਼ਨਰ ਨੂੰ ਬਰਖਾਸਤ ਕਰਨ ਦੀ ਮੰਗ
‘ਇੰਡੀਆ’ ਬਲਾਕ ਦੇ ਸੱਦੇ ਤਹਿਤ ਸੀ ਪੀ ਆਈ ਅਤੇ ਸੀ ਪੀ ਐੱਮ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕਿਆ ਗਿਆ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ।
ਅੱਜ ਸੀ ਪੀ ਆਈ ਅਤੇ ਸੀ ਪੀ ਐੱਮ ਦੇ ਆਗੂ ਅਤੇ ਵਰਕਰ ਸਥਾਨਕ ਸੁਤੰਤਰ ਭਵਨ ਵਿੱਚ ਇਕੱਠੇ ਹੋਏ ਜਿਥੋਂ ਸੀ ਪੀ ਆਈ ਦੇ ਸਕੱਤਰ ਸੁਖਦੇਵ ਸ਼ਰਮਾ ਅਤੇ ਸੀ ਪੀ ਐੱਮ ਦੇ ਆਗੂ ਭੂਪ ਚੰਦ ਚੰਨੋਂ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਚੁੱਕ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਣ ਮੌਕੇ ਕਾਮਰੇਡ ਸੁਖਦੇਵ ਸ਼ਰਮਾ ਅਤੇ ਕਾਮਰੇਡ ਭੂਪ ਚੰਦ ਚੰਨੋਂ ਨੇ ਕਿਹਾ ਕਿ ਇਹ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਦੀ ਅਹੁਦੇ ਦੀ ਮਹੱਤਤਾ ਖਤਮ ਕਰ ਦਿੱਤੀ ਹੈ ਜਿਨ੍ਹਾਂ ਤੋਂ ਦੇਸ਼ ਦੇ ਲੋਕਾਂ ਨੂੰ ਭਰੋਸਾ ਉਠ ਚੁੱਕਿਆ ਹੈ ਅਤੇ ਉਹ ਆਪਣਾ ਆਧਾਰ ਗੁਆ ਚੁੱਕੇ ਹਨ।
ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਲਾਂਭੇ ਕੀਤਾ ਜਾਵੇ। ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪਹਿਲਾਂ ਵਾਲੇ ਕਾਨੂੰਨ ਤਹਿਤ ਕੀਤੀ ਜਾਵੇ। ਕੇਂਦਰੀ ਗ੍ਰਹਿ ਮੰਤਰੀ ਵੀ ਨੈਤਿਕ ਤੌਰ ’ਤੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਦੇਸ਼ ਦੇ ਲੋਕਾਂ ਦੀਆਂ ਕੱਟੀਆਂ ਵੋਟਾਂ ਬਹਾਲ ਕੀਤੀਆਂ ਜਾਣ। ਇਸ ਮੌਕੇ ਸੀ ਪੀ ਆਈ ਦੇ ਆਗੂ ਨਿਰਮਲ ਸਿੰਘ ਬਟੜਿਆਣਾ, ਨਵਜੀਤ ਸਿੰਘ, ਜਗਦੇਵ ਸਿੰਘ ਬਾਹੀਆ, ਸਤਵੰਤ ਸਿੰਘ ਖੰਡੇਬਾਦ, ਹਰਦੇਵ ਸਿੰਘ ਬਖਸ਼ੀਵਾਲਾ, ਸਤਿੰਦਰਪਾਲ ਸਿੰਘ ਚੀਮਾ ਹਾਜ਼ਰ ਸਨ।

