ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਰਮਚਾਰੀਆਂ ਨੇ ਅੱਜ ਤੋਂ ਛੇ ਦਿਨਾਂ ਲਈ ਮੁਕੰਮਲ ਕਲਮਛੋੜ ਹੜਤਾਲ ਕਰ ਕੇ ਸਮੁੱਚਾ ਦਫ਼ਤਰੀ ਕੰਮ-ਕਾਜ ਠੱਪ ਕਰ ਦਿੱਤਾ ਹੈ। ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਆਪਣੇ ਦਫ਼ਤਰਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ ਅਤੇ 15 ਅਕਤੂਬਰ ਤੱਕ ਮੁਕੰਮਲ ਹੜਤਾਲ ਕਰਕੇ ਦਫ਼ਤਰੀ ਕੰਮ-ਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ, ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਅਤੇ ਪ੍ਰੈੱਸ ਸਕੱਤਰ ਅਨੁਜ ਸ਼ਰਮਾ ਨੇ ਦੱਸਿਆ ਕਿ ਯੂਨੀਅਨ ਵੱਲੋਂ ਜ਼ੋਨ ਪੱਧਰ ਦੀ ਤਿੰਨ ਰੋਸ ਰੈਲੀਆਂ ਕੀਤੀਆਂ ਗਈਆਂ ਸਨ, ਪਰ ਸਰਕਾਰ ਨੇ ਮੰਗਾਂ ਪ੍ਰਤੀ ਕੋਈ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਸੋਸ਼ਲ ਮੀਡੀਆ ਰਾਹੀਂ ਪੰਜਾਬ ਵਿੱਚ ਮੁਲਾਜ਼ਮਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਪ੍ਰਤੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਜਾਰੀ ਰੱਖਿਆ ਤਾਂ ਵੱਡਾ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।