ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 20 ਮਈ
ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਟੌਲ ਪਲਾਜ਼ਿਆਂ ਅਤੇ ਪੈਟਰੋਲ ਪੰਪ ’ਤੇ 231ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿੱਚ ਧਰਨੇ ਨੂੰ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੁਖਦੇਵ ਸਿੰਘ ਘਰਾਚੋਂ, ਬਲਵਿੰਦਰ ਸਿੰਘ ਲੱਖੇਵਾਲ ਅਤੇ ਮਨਜੀਤ ਕੌਰ ਰਾਜਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਤਾਨਾਸ਼ਾਹ ਨੀਤੀਆਂ ਅਤੇ ਅੜੀਅਲ ਰਵੱਈਏ ਖਿਲਾਫ਼ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ 231ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ 26 ਮਈ ਕਿਸਾਨੀ ਸੰਘਰਸ਼ ਨੂੰ ਛੇ ਮਹੀਨੇ ਹੋ ਜਾਣਗੇ, ਕਿਸਾਨਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਇਸ ਦਿਨ ਘਰਾਂ, ਵਹੀਕਲਾਂ ਉੱਪਰ ਕਾਲੇ ਝੰਡੇ ਲਾ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਦੇਸ਼ ਉੱਪਰ ਰਾਜ ਕਰਦਿਆਂ ਨੂੰ ਸੱਤ ਸਾਲ ਦੇ ਕਰੀਬ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅੱਜ ਕਰੋਨਾ ਦੇ ਚਲਦਿਆਂ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਹਮੀਰ ਸਿੰਘ ਬੇਨੜਾ, ਗੁਰਮੀਤ ਕੌਰ ਬੇਨੜਾ, ਦਰਬਾਰਾ ਕਾਝਲੀ, ਬਲਵਿੰਦਰ ਸਿੰਘ ਪੇਧਨੀ, ਚਮਕੌਰ ਸਿੰਘ ਹਥਨ, ਗੁਰਮੁਖ ਸਿੰਘ ਹਥਨ, ਵੀ ਹਾਜ਼ਰ ਸਨ।