ਹਰਦੀਪ ਸਿੰਘ ਸੋਢੀ
ਧੂਰੀ, 3 ਮਾਰਚ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿੰਡ ਲੱਡਾ ਦੇ ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਮਕੌਰ ਸਿੰਘ ਹਥਨ, ਜਸਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 153ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਅੱਜ ਵੀ ਕੇਂਦਰ ਸਰਕਾਰ ਅਤੇ ਅੰਬਾਨੀ-ਅੰਡਾਨੀ ਤੇ ਹੋਰ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਆਪਣੀ ਮਨ ਕੀ ਬਾਤ ਲੋਕਾਂ ਨਾਲ ਸਾਂਝੀ ਕਰਦੇ ਹਨ ਪਰ ਉਨ੍ਹਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਦੀ ਮਨ ਕੀ ਬਾਤ ਸੁਣਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਇਹ ਕਿਸਾਨੀ ਅੰਦੋਲਨ ਭਾਜਪਾ ਦੇ ਪਤਨ ਦਾ ਕਾਰਨ ਬਣੇਗਾ। ਉਨ੍ਹਾਂ ਕਿਹਾ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ ਤੇ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕਰਨਗੇ। ਇਸ ਮੌਕੇ ਗੁਰੀ ਮਾਨ ਧੂਰੀ, ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਸੁਖਜੀਤ ਸਿੰਘ ਲੱਡਾ, ਬਲਜੀਤ ਕੌਰ, ਹਾਜ਼ਰ ਸਨ।