ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਧਰਨਿਆਂ ’ਚ ਕਿਸਾਨਾਂ ਵੱਲੋਂ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਖੇਤੀ ਮਾਰੂ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਕਿਸਾਨਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼ਹੀਦ ਕਿਸਾਨਾਂ ਦੇ ਹੱਕ ਵਿਚ ‘ਅਮਰ ਰਹੇ’ ਦੇ ਨਾਅਰੇ ਗੂੰਜ਼ਦੇ ਰਹੇ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਿਆਂ ਦਾਅਵਾ ਕੀਤਾ ਕਿ ਸ਼ਹੀਦ ਹੋਏ ਕਿਸਾਨਾਂ ਦਾ ਡੁੱਲ੍ਹਿਆ ਖੂਨ ਅਜਾਈਂ ਨਹੀਂ ਜਾਵੇਗਾ ਜੋ ਦੇਸ਼ ਵਿੱਚ ਭਾਜਪਾ ਦੇ ਸਿਆਸੀ ਕਫ਼ਨ ’ਚ ਆਖ਼ਰੀ ਕਿੱਲ ਸਾਬਤ ਹੋਵੇਗਾ। ਇਥੇ ਭਾਜਪਾ ਆਗੂ ਦੇ ਘਰ ਅੱਗੇ ਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਗੋਬਿੰਦਰ ਸਿੰਘ ਬਡਰੁੱਖਾਂ, ਲਾਭ ਸਿੰਘ ਖੁਰਾਣਾ, ਹਰਦੇਵ ਸਿੰਘ ਕੁਲਾਰਾਂ, ਗੁਰਦੀਪ ਸਿੰਘ ਕੰਮੋਮਾਜਰਾ, ਕਰਮਜੀਤ ਮੰਗਵਾਲ ਆਦਿ ਨੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ ਜੋ ਭਾਜਪਾ ਦੇ ਸਿਆਸੀ ਕਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਾਂਤਮਈ ਸੰਘਰਸ਼ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਗੱਡੀਆਂ ਹੇਠਾਂ ਕੁਚਲ ਕੇ ਸ਼ਹੀਦ ਕਰਨ ਨਾਲ ਭਾਜਪਾ ਦਾ ਦੇਸ਼ ਦੇ ਅੰਨਦਾਤਾ ਪ੍ਰਤੀ ਨਫ਼ਰਤੀ ਚਿਹਰੇ ਦਾ ਪਰਦਾਫਾਸ਼ ਹੋ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸ਼ਹੀਦ ਕਿਸਾਨ ਪਰਿਵਾਰਾਂ ਨਾਲ ਡਟ ਕੇ ਖੜ੍ਹਾ ਹੈ। ਜਦੋਂ ਤੱਕ ਕਿਸਾਨਾਂ ਦੇ ਕਾਤਲਾਂ ਨੂੰ ਸਜ਼ਾ ਦਿਵਾ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇ ਕੇਂਦਰ ਦੀ ਭਾਜਪਾ ਸਰਕਾਰ ’ਚ ਥੋੜੀ ਬਹੁਤ ਵੀ ਜ਼ਮੀਰ ਬਚੀ ਹੈ ਤਾਂ ਤੁਰੰਤ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਕੇਂਦਰੀ ਮੰਤਰੀ ਮੰਡਲ ’ਚੋਂ ਬਰਖਾਸਤ ਕਰਨਾ ਚਾਹੀਦਾ ਹੈ।
ਦੁੱਗਾਂ ਵਿੱਚ ਕਿਸਾਨਾਂ ਵੱਲੋਂ ਰੋਸ ਰੈਲੀ
ਮਸਤੂਆਣਾ ਸਾਹਿਬ (ਐੱਸ ਐੱਸ ਸੱਤੀ) ਪਿੰਡ ਦੁੱਗਾਂ ’ਚ 32 ਦੇ ਕਰੀਬ ਪਿੰਡਾਂ ਦੇ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਲਖੀਮਪੁਰ ਖੀਰੀ ’ਚ ਸ਼ਹੀਦ ਕੀਤੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਤੇ ਪਿੰਡ ’ਚ ਕਿਸਾਨਾਂ ਵੱਲੋਂ ਰੋਸ ਰੈਲੀ ਕੀਤੀ ਗਈ। ਸ਼ਹੀਦਾਂ ਦੀ ਯਾਦ ’ਚ ਪਿੰਡ ਦੁੱਗਾਂ ਦੇ ਗੁਰਦੁਆਰਾ ਵਿਖੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਕੀਤਾ ਗਿਆ। ਸ਼ਰਧਾਂਜਲੀ ਸਮਾਰੋਹ ਦੌਰਾਨ ਸ਼ਾਮਲ ਹੋਏ ਕਿਸਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡਾ. ਜਗਮੋਹਨ ਸਿੰਘ ਉੱਪਲ ਸੂਬਾ ਜਰਨਲ ਸਕੱਤਰ, ਗੁਰਮੀਤ ਸਿੰਘ ਭੱਟੀਆ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਆਦਿ ਨੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪਿੰਡ ਮੰਡੇਰ ਕਲਾਂ ਦੇ ਸ਼ਹੀਦ ਹੋਏ ਭਾਗ ਸਿੰਘ ਦੀ ਪਤਨੀ ਗੁਰਮੇਲ ਕੌਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸਰਕਾਰ ਵੱਲੋਂ ਦਿੱਤਾ ਗਿਆ।