ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਜੁਲਾਈ
ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਸੂਬੇ ਵਿੱਚ ਅਣ-ਐਲਾਨੀ ਵਿੱਤੀ ਐਮਰਜੈਂਸੀ ਖ਼ਿਲਾਫ਼ ਇੱਥੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਅਧਿਆਪਕ ਅਣ-ਐਲਾਨੀ ਵਿੱਤੀ ਐਂਮਰਜੈਂਸੀ ਦੀ ਨਿਖੇਧੀ ਕਰਦਿਆਂ ਤਨਖਾਹਾਂ ਸਮੇਤ ਹਰ ਤਰ੍ਹਾਂ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਫਰੰਟ ਵੱਲੋਂ ਵਿੱਤ ਮੰਤਰੀ ਪੰਜਾਬ ਦੇ ਨਾਂ ਜ਼ਿਲ੍ਹਾ ਖਜ਼ਾਨਾ ਅਫ਼ਸਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸੀਨੀਅਰ ਮੀਤ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਜ਼ੁਬਾਨੀ ਹੁਕਮਾਂ ਰਾਹੀਂ ਤਨਖਾਹ ਰੋਕ ਦਿੱਤੀ ਜਾਂਦੀ ਹੈ। ਇਸ ਵਾਰ ਵੀ ਜੂਨ ਮਹੀਨੇ ਦੀ ਤਨਖਾਹ ਰੋਕੀ ਹੋਈ ਹੈ। ਇਸ ਤੋਂ ਬਿਨਾਂ 31 ਮਾਰਚ, 30 ਅਪਰੈਲ ਅਤੇ 31 ਮਈ ਨੂੰ ਸੇਵਾਮੁਕਤ ਹੋਏ ਅਧਿਆਪਕਾਂ ਨੂੰ ਸਰਕਾਰੀ ਖਜ਼ਾਨੇ ਵਿਚੋਂ ਖੋਟਾ ਪੈਸਾ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਅਤੇ ਜ਼ਿਲ੍ਹਾ ਵਿੱਤ ਸਕੱਤਰ ਯਾਦਵਿੰਦਰ ਨੇ ਦੱਸਿਆ ਕਿ ਅਧਿਆਪਕਾਂ ਦੇ ਮੈਡੀਕਲ ਬਿੱਲ, ਜੀਪੀਐੱਫ਼, ਐਡਵਾਂਸ ਅਤੇ ਫਾਈਨਲ ਅਦਾਇਗੀ ਦੇ ਬਿੱਲ, 5178 ਅਧਿਆਪਕਾਂ ਦੇ ਬਕਾਇਆ ਦੀ ਰਾਸ਼ੀ ਉਪਰ ਜ਼ਬਾਨੀ ਰੋਕਾਂ ਲਗਾ ਕੇ ਅਧਿਆਪਕਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਖਜ਼ਾਨਾ ਦਫਤਰਾਂ ਤੇ ਥੋਪੀਆਂ ਹਰ ਤਰ੍ਹਾਂ ਦੀਆਂ ਪਾਬੰਦੀਆਂ ਤੁਰੰਤ ਖ਼ਤਮ ਕੀਤੀਆਂ ਜਾਣ, ਸੇਵਾਮੁਕਤ ਹੋਣ ਵਾਲੇ ਅਧਿਆਪਕਾਂ ਦੇ ਹਰ ਤਰ੍ਹਾਂ ਦੇ ਬਕਾਇਆ ਦੀ ਅਦਾਇਗੀ 15 ਦਿਨਾਂ ਦੇ ਵਿੱਚ ਵਿੱਚ ਕੀਤੀ ਜਾਵੇ, ਐਕਸ ਗਰੇਸ਼ੀਆ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ, ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇਂਦਰੀ ਤਨਖਾਹ ਕਮਿਸ਼ਨ ਦੀ ਆੜ ਹੇਠ ਲਾਗੂ ਕੀਤੀ ਤਨਖਾਹ ਕਟੌਤੀ ਰੱਦ ਕੀਤੀ ਜਾਵੇ, ਪੇਂਡੂ ਭੱਤੇ ਸਮੇਤ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਹੋਰ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਬੁਲਾਰਿਆਂ ਨੇ ਹਰ ਵਰਗ ਦੇ ਮੁਲਾਜ਼ਮਾਂ ਨੂੰ ਨਿੱਜੀਕਰਨ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ।
ਧਰਨੇ ਨੂੰ ਡੀਟੀਐੱਫ ਦੇ ਸਾਬਕਾ ਸਕੱਤਰ ਬਲਵੀਰ ਲੌਂਗੋਵਾਲ, ਜੁਝਾਰ ਲੌਂਗੋਵਾਲ, ਪਵਨ ਕੁਮਾਰ ਸੁਨਾਮ, ਵਿਸ਼ਵ ਕਾਂਤ ਧੂਰੀ, ਡਾ. ਅਮਰਜੀਤ ਸਿੰਘ, ਗੁਰਮੇਲ ਸਿੰਘ, ਫਕੀਰ ਸਿੰਘ, ਦਰਸ਼ਨ ਸਿੰਘ, ਕਰਮਜੀਤ ਮੰਡੇਰ, ਚਰਨਜੀਤ ਸਿੰਘ, ਜਗਦੀਪ ਕੌਰ, ਮਹਿੰਦਰ ਪ੍ਰਤਾਪ ਸ਼ੇਰਪੁਰ, ਜਗਦੀਪ ਸਿੰਘ, ਗਗਨ ਧੂਰੀ, 6505 ਯੂਨੀਅਨ ਦੇ ਭਿੰਦਰ ਸਿੰਘ, 2392 ਯੂਨੀਅਨ ਦੇ ਹਰਵਿੰਦਰ ਸਿੰਘ ਤੋਂ ਇਲਾਵਾ ਜਮਹੂਰੀ ਅਧਿਕਾਰ ਸਭਾ ਦੇ ਜਗਜੀਤ ਭੁਟਾਲ, ਬਸ਼ੇਸ਼ਰ ਰਾਮ, ਅਮਰੀਕ ਖੋਖਰ ਆਦਿ ਨੇ ਸੰਬੋਧਨ ਕੀਤਾ।