ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਨਾ ਪਾਉਣ ’ਤੇ ਲੌਂਗੋਵਾਲ ’ਚ ਕਿਸਾਨਾਂ ਨੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ ਅਤੇ ਨਾਅਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅਨ...
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਨਾ ਪਾਉਣ ’ਤੇ ਲੌਂਗੋਵਾਲ ’ਚ ਕਿਸਾਨਾਂ ਨੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ ਅਤੇ ਨਾਅਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਆਗੂ ਹਾਕਮ ਸਿੰਘ ਸਤੀਪੁਰਾ ਨੇ ਦੱਸਿਆ ਕਿ ਬਹੁਤ ਸਾਰੇ ਕਿਸਾਨਾਂ ਨੇ ਲੌਂਗੋਵਾਲ ਇਲਾਕੇ ਵਿੱਚ ਖੇਤੀਬਾੜੀ ਮਹਿਕਮੇ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਡੀ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਸਿੱਧੀ ਬਜਾਈ ਕੀਤੀ ਸੀ ਜਿਸ ਵਿੱਚ ਨਦੀਨਾਂ ਦੀ ਰੋਕਥਾਮ ਲਈ ਜਿੱਥੇ ਕਿਸਾਨਾਂ ਨੂੰ ਬਹੁਤ ਸਾਰਾ ਕੀਟਨਾਸ਼ਕਾਂ ’ਤੇ ਖਰਚਾ ਕਰਨਾ ਪਿਆ ਉੱਥੇ ਪ੍ਰਤੀ ਏਕੜ ਝਾੜ ’ਤੇ ਵੀ ਅਸਰ ਪਿਆ। ਹੁਣ ਸਰਕਾਰ ਵੱਲੋਂ ਐਲਾਨੀ ਰਾਸ਼ੀ ਵੀ ਕਿਸਾਨਾਂ ਨੂੰ ਨਹੀਂ ਮਿਲੀ ਜਿਸ ਕਰਕੇ ਕਿਸਾਨਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉੱਪਰੋਂ ਝੋਨੇ ਦੀ ਪਰਾਲੀ ਦਾ ਕੋਈ ਹੱਲ ਨਹੀਂ ਹੋ ਰਿਹਾ, ਸਗੋਂ ਕਿਸਾਨਾਂ ਨੂੰ ਮੁਜਰਮ ਬਣਾਉਣ ਲਈ ਕਿਸਾਨਾਂ ’ਤੇ ਪਰਾਲੀ ਫੂਕਣ ਦੇ ਫੌਜਦਾਰੀ ਕੇਸ ਦਰਜ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਕਿਸਾਨਾਂ ਦੇ ਖਾਤੇ ਵਿੱਚ ਇਹ ਰਾਸ਼ੀ ਨਾ ਪਾਈ ਗਈ ਤਾਂ ਖੇਤੀਬਾੜੀ ਵਿਭਾਗ ਅਤੇ ਸਰਕਾਰ ਖਿਲਾਫ ਕੋਈ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਉਦੇ ਸਿੰਘ, ਮਾਸਟਰ ਨਾਜਰ ਸਿੰਘ, ਜਿੰਦਰ ਸਿੰਘ, ਕਰਨੈਲ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।