ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਰਵਿਦਾਸ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਲੌਂਗੋਵਾਲ ਵਿੱਚ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਕਰੀਬ 1 ਕਰੋੜ 20 ਲੱਖ ਰੁਪਏ ਨਾਲ ਬਣਨ ਵਾਲੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸਮਾਜਿਕ ਬਰਾਬਰੀ, ਨਿਆਂ ਅਤੇ ਸਿੱਖਿਆ ਲਈ ਅਹਿਮ ਯੋਗਦਾਨ ਦਿੱਤਾ ਹੈ ਅਤੇ ਇਹ ਭਵਨ ਉਨ੍ਹਾਂ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਇਹ ਭਵਨ ਕਰੀਬ 9 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਭਵਨ ਦੇ ਤਿਆਰ ਹੋਣ ਨਾਲ ਲੌਂਗੋਵਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਸਮਾਜਿਕ, ਸੱਭਿਆਚਾਰਕ ਅਤੇ ਹੋਰ ਵੱਖ-ਵੱਖ ਕਾਰਜ ਤੇ ਸਮਾਗਮ ਕਰਵਾਉਣ ਲਈ ਸੁਵਿਧਾਜਨਕ ਥਾਂ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਉਨ੍ਹਾਂ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਸਮਾਜਿਕ ਏਕਤਾ ਤੇ ਭਾਈਚਾਰੇ ਦੀ ਮਜ਼ਬੂਤੀ ਦਾ ਸੰਦੇਸ਼ ਦਿੱਤਾ। ਇਸ ਸਮਾਗਮ ਦੌਰਾਨ ਨਗਰ ਕੌਂਸਲ ਦੇ ਅਧਿਕਾਰੀ, ਸਥਾਨਕ ਪ੍ਰਤੀਨਿਧੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਲੌਂਗੋਵਾਲ ਵਾਸੀ ਹਾਜ਼ਰ ਸਨ।

