ਮੁੱਖ ਮੰਤਰੀ ਦੀ ਕੋਠੀ ਅੱਗੇ ਮਿਡ-ਡੇਅ ਮੀਲ ਕੁੱਕ ਬੀਬੀਆਂ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਸਰਕਾਰ ’ਤੇ ਤਨਖਾਹਾਂ ਦੁੱਗਣੀਆਂ ਕਰਨ ਦੇ ਵਾਅਦੇ ਤੋਂ ਮੁੱਕਰਨ ਦਾ ਦੋਸ਼
ਪੰਜਾਬ ਭਰ ਤੋਂ ਵੱਡੀ ਤਾਦਾਦ ਵਿੱਚ ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਦੀ ਅਗਵਾਈ ਹੇਠ ਪੁੱਜੀਆਂ ਸੈਂਕੜੇ ਕੁੱਕ ਬੀਬੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਤਨਖਾਹਾਂ ਦੁੱਗਣੀਆਂ ਕਰਨ ਦੇ ਵਾਅਦੇ ਤੋਂ ਮੁੱਕਰਨ ਦਾ ਦੋਸ਼ ਲਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਦੀ ਅਗਵਾਈ ਹੇਠ ਕੁੱਕ ਬੀਬੀਆਂ ਕੌਮੀ ਹਾਈਵੇ-7 ਦੇ ਪਟਿਆਲਾ-ਸੰਗਰੂਰ ਬਾਈਪਾਸ ਓਵਰਬ੍ਰਿਜ ਹੇਠਾਂ ਇਕੱਠੀਆਂ ਹੋਈਆਂ, ਜਿੱਥੇ ਉਨ੍ਹਾਂ ਵਿਸ਼ਾਲ ਰੋਸ ਰੈਲੀ ਕੀਤੀ। ਇਸ ਮਗਰੋਂ ਰੋਸ ਮਾਰਚ ਕਰਦੀਆਂ ਕੁੱਕ ਬੀਬੀਆਂ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੀਆਂ, ਤਾਂ ਪੁਲੀਸ ਵੱਲੋਂ ਸਖ਼ਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੋ ਅਤੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਤਨਖਾਹਾਂ ਦੁੱਗਣੀਆਂ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸੇਵਾਵਾਂ ਨੂੰ ਘੱਟੋ-ਘੱਟ ਉਜਰਤਾਂ ਅਧੀਨ ਲੈ ਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਹਰਿਆਣਾ ਦੀ ਤਰਜ਼ ’ਤੇ ਤਨਖਾਹ 9 ਹਜ਼ਾਰ ਰੁਪਏ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਆਪਣੇ ਮਿਹਨਤਾਨੇ ਦੇ ਪੈਸੇ ਮੰਗਦੀਆਂ ਹਨ ਅਤੇ ਸਕੂਲਾਂ ਵਿੱਚ ਅੱਠ-ਅੱਠ ਘੰਟੇ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇੱਕ ਪਾਸੇ ਤਾਮਿਲਨਾਡੂ ਮਾਡਲ ਨੂੰ ਮਿਡ-ਡੇਅ ਮੀਲ ਵਿੱਚ ਲਾਗੂ ਕਰਨਾ ਚਾਹੁੰਦੀ ਹੈ, ਪਰੰਤੂ ਦੂਜੇ ਪਾਸੇ ਤਾਮਿਲਨਾਡੂ ਵਾਂਗ ਕੁੱਕ ਬੀਬੀਆਂ ਨੂੰ 12 ਹਜ਼ਾਰ ਰੁਪਏ ਤਨਖਾਹ ਨਹੀਂ ਦੇਣਾ ਚਾਹੁੰਦੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਸਬ-ਕਮੇਟੀ ਨਾਲ 18 ਅਗਸਤ ਦੀ ਮੀਟਿੰਗ ਤੈਅ ਕਰਵਾਉਣ ਮਗਰੋਂ ਪ੍ਰਦਰਸ਼ਨ ਸਮਾਪਤ ਹੋਇਆ।

