ਅਕਾਲੀ ਦਲ ਪੁਨਰ ਸੁਰਜੀਤੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ: ਕਰਨ ਸਿੰਘ
ਚੋਣ ਪ੍ਰਚਾਰ ਤੇਜ਼ ਕਰਨ ਲਈ ਰੂਪ ਰੇਖਾ ਤਿਆਰ ਕੀਤੀ
ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਵੱਲੋਂ ਚੋਣ ਪ੍ਰਚਾਰ ਭਖਾਉਣ ਲਈ ਰੂਪ-ਰੇਖਾ ਤਿਆਰ ਕਰਨ ਲਈ ਮੀਟਿੰਗ ਕੀਤੀ ਗਈ। ਹਲਕਾ ਇੰਚਾਰਜ ਕਰਨ ਸਿੰਘ ਡੀ ਟੀ ਓ ਨੇ ਮੀਟਿੰਗ ਦੌਰਾਨ ਵਰਕਰਾਂ ਨੂੰ ਚੋਣ ਪ੍ਰਚਾਰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਤਹਿਤ ਹਲਕਾ ਸ਼ੁਤਰਾਣਾ ’ਚ ਬਲਾਕ ਸਮਿਤੀ ਦੇ 11 ਜ਼ੋਨਾਂ ਅਤੇ ਜ਼ਿਲ੍ਹਾ ਪਰਿਸ਼ਦ ਦੇ ਤਿੰਨ ਜ਼ੋਨਾਂ ਤੋਂ ਉਮੀਦਵਾਰ ਉਤਾਰੇ ਗਏ ਹਨ। ਉਨ੍ਹਾਂ ਕਿਹਾ ਕਿ ਦਲ ਦੇ ਉਮੀਦਵਾਰਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੱਤਾਧਾਰੀ ਧਿਰ ਆਪ ਵੱਲੋਂ ਚੋਣ ਪ੍ਰਕਿਰਿਆ ਦੇ ਸ਼ੁਰੂਆਤੀ ਦੌਰ ਦੌਰਾਨ ਧੱਕੇਸ਼ਾਹੀ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਜਿਸ ਤੋਂ ਲੋਕ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਕਿਸੇ ਵੀ ਪਾਰਟੀ ਤੋਂ ਪੰਜਾਬ ਦੀ ਭਲਾਈ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਪੰਜਾਬ ਤੇ ਪੰਜਾਬੀਅਤ ਦੀ ਚੜ੍ਹਦੀਕਲਾ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ ਪਰ ਬਦਕਿਸਮਤੀ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਕੇ ਲੋਕਾਂ ਦੇ ਅਸਲੀ ਮਸਲਿਆਂ ਨੂੰ ਭੁੱਲ ਕੇ ਅਕਾਲ ਤਖਤ ਸਾਹਿਬ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਦੀ ਅਵੱਗਿਆ ਕਰਨ ਦੇ ਰਾਹ ਤੁਰ ਪਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਪੰਥ ਦੀ ਚੜ੍ਹਦੀਕਲਾ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤੀ ਦੇ ਉਮੀਦਵਾਰਾਂ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਭੰਗੂ, ਤੇਜਪਾਲ ਬਾਦਸ਼ਾਹਪੁਰ , ਹਰਦੀਪ ਸਿੰਘ ਸਾਗਰਾ, ਅਤੇ ਜੋਲੀ ਆਦਿ ਹਾਜ਼ਰ ਸਨ।

