ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਜਨਵਰੀ
ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੀਆਂ ਵਿਧਾਨ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਅੱਜ ਮੀਡੀਆ ਕਰਮੀਆਂ ਨਾਲ ਵਿਸ਼ੇਸ਼ ਪ੍ਰੈੱਸ ਮਿਲਣੀ ਦੌਰਾਨ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਾਸਤੇ ਜ਼ਿਲ੍ਹੇ ਵਿੱਚ 2 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ ਅਤੇ ਚੋਣ ਅਮਲ ਨੂੰ ਨਿਰਪੱਖ ਅਤੇ ਨਿਰਭੈ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗ਼ੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ 15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਉੱਪਰ ਮੁਕੰਮਲ ਰੂਪ ਵਿਚ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵਿਅਕਤੀ ਨੇ ਵੋਟ ਬਣਾਉਣੀ ਹੈ ਤਾਂ ਉਹ 28 ਜਨਵਰੀ ਤੱਕ ਅਪਲਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਵੋਟਰਾਂ ਦੀ ਸਹੂਲਤ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਦਾ ਨੰਬਰ 01675252520 ਹੈ।