ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਦਸੰਬਰ
ਗੌਰਮਿੰਟ ਡਰੱਗ ਡੀ-ਅਡਿਕਸ਼ਨ ਤੇ ਰੀਹੈਬਿਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਸੱਦੇ ’ਤੇ ਆਊਟਸੋਰਸ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਅੱਜ ਛੇਂਵੇਂ ਦਿਨ ਵੀ ਜਾਰੀ ਰਹੀ।
ਹੜਤਾਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰ ਰਹੀ ਹੈ ਦੂਜੇ ਪਾਸੇ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੇਂਦਰਾਂ ਵਿਚ ਇਲਾਜ ਅਧੀਨ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ, ਇਥੋਂ ਤੱਕ ਮਰੀਜ਼ਾਂ ਨੂੰ ਜੀਭ ਹੇਠਾਂ ਰੱਖਣ ਵਾਲੀ ਦਵਾਈ ਵੀ ਨਹੀਂ ਮਿਲ ਰਹੀ ਜਿਸ ਨਾਲ ਕਿੱਤਾਮੁਖੀ ਮਰੀਜ਼ਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੌਂ ਰਹੀ ਹੈ ਅਤੇ ਮੁਲਾਜ਼ਮ ਹੜਤਾਲ ਕਰਨ ਲਈ ਮਜਬੂਰ ਹੋ ਰਹੇ ਹਨ। ਜ਼ਿਲ੍ਹਾ ਜਨਰਲ ਸਕੱਤਰ ਮੋਹਕਮ ਸਿੰਘ ਅਤੇ ਸਲਾਹਕਾਰ ਸੰਦੀਪ ਸ਼ਰਮਾ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਬੰਦ ਨਾ ਕੀਤਾ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ’ਤੇ ਬਲਪ੍ਰੀਤ, ਚਮਕੌਰ, ਹਰਪ੍ਰੀਤ, ਗਗਨਦੀਪ, ਸਤਿਗੁਰ, ਗੁਰਵਿੰਦਰ, ਮਨਦੀਪ, ਰੁਪਿੰਦਰ, ਪੁਸ਼ਕਰ ਅਤੇ ਬਿਕਰਮਜੀਤ ਹਾਜ਼ਰ ਸਨ।