ਹੜਤਾਲੀ ਸਫ਼ਾਈ ਸੇਵਕਾਂ ਨੇ ਮੁੱਖ ਮੰਤਰੀ ਤੇ ਮੰਤਰੀ ਦੇ ਪੁਤਲੇ ਸਾੜੇ
ਸਫ਼ਾਈ ਸੇਵਕ ਯੂਨੀਅਨ ਵੱਲੋਂ ਹਰਜੋਤ ਬੈਂਸ ਦੀ ਨੰਗਲ ਸਥਿਤ ਕੋਠੀ ਦਾ ਘਿਰਾਓ ਅੱਜ
ਕਰੀਬ ਦੋ ਹਫ਼ਤਿਆਂ ਤੋਂ ਸਮੁੱਚਾ ਕੰਮ-ਕਾਜ ਠੱਪ ਕਰ ਕੇ ਹੜਤਾਲ ’ਤੇ ਚੱਲ ਰਹੇ ਸਫ਼ਾਈ ਸੇਵਕਾਂ ਵੱਲੋਂ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਦਾ ਪੁਤਲਾ ਫੂਕਦਿਆਂ ਮੁਜ਼ਾਹਰਾ ਕੀਤਾ ਗਿਆ। ਹੜਤਾਲੀ ਸਫ਼ਾਈ ਸੇਵਕਾਂ ਨੇ ਐਲਾਨ ਕੀਤਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਹੜਤਾਲ ਜਾਰੀ ਰਹੇਗੀ ਅਤੇ ਸਰਕਾਰ ਦੀ ਹੜਤਾਲ ਨੂੰ ਢਾਹ ਲਾਉਣ ਦੀ ਕਾਰਵਾਈ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਸਫ਼ਾਈ ਸੇਵਕ ਅੱਜ ਹੜਤਾਲ ਦੇ 13ਵੇਂ ਦਿਨ ਨਗਰ ਕੌਂਸਲ ਦਫ਼ਤਰ ਵਿੱਚ ਇਕੱਠੇ ਹੋਏ ਜਿੱਥੋਂ ਪੁਤਲੇ ਚੁੱਕ ਕੇ ਸ਼ਹੀਦ ਭਗਤ ਸਿੰਘ ਚੌਕ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਪੁਤਲੇ ਫੂਕਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜ਼ਿਲਾ ਪ੍ਰਧਾਨ ਭਾਰਤ ਬੇਦੀ ਨੇ ਕਿਹਾ ਕਿ ਬੀਤੀ 17 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕ ਯੂਨੀਅਨ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ ਜਿਸ ਵਿੱਚ ਸਰਕਾਰ ਨੇ ਮੰਨਿਆ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ ਅਤੇ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੜ 19 ਜੁਲਾਈ ਨੂੰ ਸਰਕਾਰ ਨੇ ਮੀਟਿੰਗ ਲਈ ਬੁਲਾਇਆ ਜਿਸ ਵਿੱਚ ਯੂਨੀਅਨ ਦੇ ਸੂਬਾ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਸਪੱਸ਼ਟ ਆਖ਼ ਦਿੱਤਾ ਕਿ ਕੱਚੇ ਸਫ਼ਾਈ ਸੇਵਕਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾਵੇਗਾ, ਨਾ ਠੇਕੇਦਾਰੀ ਸਿਸਟਮ ਤੋਂ ਕੰਟਰੈਕਟ ਅਧੀਨ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਪੈਨਸ਼ਨ ਲੱਗੇਗੀ। ਅਧਿਕਾਰੀਆਂ ਨੇ ਕਿਹਾ ਕਿ ਸਿਰਫ਼ ਤਨਖਾਹ ਵਿੱਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਹੜਤਾਲ ਖਤਮ ਕਰ ਦਿੱਤੀ ਜਾਵੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਕਰਨੀਆਂ ਸੀ ਤਾਂ ਫਿਰ 21 ਮਈ ਨੂੰ ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਵਲੋਂ ਮੰਗਾਂ ਕਿਉਂ ਮੰਨੀਆਂ ਗਈਆਂ। ਹੁਣ ਸਰਕਾਰ ਮੰਨੀਆਂ ਮੰਗਾਂ ਦੇ ਵਾਅਦੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਭਲਕੇ 21 ਜੁਲਾਈ ਨੂੰ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਨੰਗਲ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿਚ ਸਫ਼ਾਈ ਸੇਵਕ ਅਤੇ ਮਿਉਂਸਿਪਲ ਮੁਲਾਜ਼ਮ ਸ਼ਾਮਲ ਹੋਣਗੇ। ਇਸ ਮੌਕੇ ਲੋਕਲ ਪ੍ਰਧਾਨ ਅਜੇ ਕੁਮਾਰ, ਚੇਅਰਮੈਨ ਊਸ਼ਾ ਰਾਣੀ, ਸੂਬਾ ਮੀਤ ਪ੍ਰਧਾਨ ਨਾਥਾ ਰਾਮ, ਜਨਰਲ ਸਕੱਤਰ ਰਮੇਸ਼ ਕੁਮਾਰ, ਮੀਤ ਪ੍ਰਧਾਨ ਸੁਰੇਸ਼ ਕੁਮਾਰ, ਜ਼ਿਲ੍ਹਾ ਸਕੱਤਰ ਰਾਜੇਸ਼ ਕੁਮਾਰ, ਪ੍ਰੈਸ ਸਕੱਤਰ ਅਮਿਤ ਕੁਮਾਰ ਆਦਿ ਮੌਜੂਦ ਸਨ।

