ਹੜਤਾਲੀ ਕਾਮਿਆਂ ਵੱਲੋਂ ਸੀਵਰੇਜ ਦੀਆਂ ਮੋਟਰਾਂ ਬੰਦ ਕਰਨ ਦਾ ਐਲਾਨ
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੇ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਹੇਠ ਪੰਜਾਬ ਪੱਧਰੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਅਠਾਰਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਨੇ ਕਿਹਾ ਕਿ ਲਗਪੱਗ ਸੱਤ ਅੱਠ ਮਹੀਨਿਆਂ ਤੋਂ ਪੰਜਾਬ ਸਰਕਾਰ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦੀਆਂ ਮੰਗਾਂ ਸਬੰਧੀ ਲਾਰੇ ਲੱਪੇ ਲਾ ਰਹੀ ਹੈ ਪਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਦਾ ਕੋਈ ਪੁਖ਼ਤਾ ਹੱਲ ਨਹੀਂ ਕੀਤਾ ਜਾ ਰਿਹਾ। ਭਲਕੇ 23 ਅਗਸਤ ਨੂੰ ਜਥੇਬੰਦੀ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਭਵਨ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣੀ ਸੀ। ਪਰ ਉਹ ਵੀ ਸਰਕਾਰ ਵੱਲੋਂ ਇਕ ਫੋਨ ਕਾਲ ਰਾਹੀਂ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਜਦੋਂ ਕਿ ਹੜਤਾਲੀ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਆਊਟਸੋਰਸ ਕਾਮਿਆਂ ਨੂੰ ਮੀਟਿੰਗ ਤੋਂ ਵੱਡੀਆਂ ਉਮੀਦਾਂ ਸਨ। ਸਰਕਾਰ ਵੱਲੋਂ ਮੀਟਿੰਗ ਮੁਲਤਵੀ ਕਰਨ ਦਾ ਕੋਈ ਲੈਟਰ ਵੀ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੇ ਅਜਿਹੇ ਵਤੀਰੇ ਖ਼ਿਲਾਫ਼ ਪਹਿਲਾਂ ਹੀ ਬੇਮਿਆਦੀ ਹੜਤਾਲ ’ਤੇ ਚੱਲ ਰਹੇ ਕਾਮਿਆਂ ਵੱਲੋਂ ਹੁਣ 25 ਅਗਸਤ ਤੋਂ ਸੀਵਰੇਜ਼ ਦੀਆਂ ਮੋਟਰਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿਮੇਵਾਰੀ ਪੰਜਾਬ ਸਰਕਾਰ ਪ੍ਰਸ਼ਾਸਨ ਦੀ ਹੋਵੇਗੀ।