ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 23 ਅਕਤੂਬਰ
ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ ’ਤੇ ਅੱਜ ਇੱਥੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਅਧਿਆਪਕਾਂ ਵੱਲੋਂ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀਆਂ ਨਵੀਆਂ ਨਿਯੁਕਤੀਆਂ ’ਤੇ ਲਾਗੂ ਹੋਣ ਵਾਲੇ ਕੇਂਦਰੀ ਤਨਖ਼ਾਹ ਸਕੇਲਾਂ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਤਿੱਖਾ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਅਮਨ ਵਸ਼ਿਸ਼ਟ ਤੇ ਕਰਮਜੀਤ ਸਿੰਘ ਨਦਾਮਪੁਰ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਲਾਰਾ ਲਗਾ ਕੇ ਤਿੰਨ ਮਹੀਨਿਆਂ ਅੰਦਰ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਵਾਅਦਾ ਕਰ ਕੇ ਸੱਤਾ ’ਚ ਆਈ ਕਾਂਗਰਸ ਸਰਕਾਰ ਸਾਢੇ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਬਜਾਏ ਸਿੱਖਿਆ ਵਿਭਾਗ ਵਿਚਲੇ ਅਧਿਆਪਕਾਂ ਦੇ ਮੌਜੂਦਾ ਤਨਖ਼ਾਹ ਗਰੇਡਾਂ ਅਤੇ ਸਕੇਲਾਂ ਨੂੰ ਘਟਾ ਕੇ ਕੇਂਦਰੀ ਤਨਖ਼ਾਹ ਪੈਟਰਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੇ ਰਾਹ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਮੁਲਾਜ਼ਮ ਮਾਰੂ ਪੱਤਰ ਲਈ ਜ਼ਿੰਮੇਵਾਰ ਸਿੱਖਿਆ ਸਕੱਤਰ ਪੰਜਾਬ ਅਤੇ ਸਬੰਧਤ ਅਧਿਕਾਰੀਆਂ ਦਾ ਡੀਟੀਐੱਫ ਪੰਜਾਬ ਵਲੋਂ ਕਰੜਾ ਵਿਰੋਧ ਕੀਤਾ ਜਾਵੇਗਾ। ਅਮਰਗੜ੍ਹ (ਰਾਜਿੰਦਰ ਜੈਦਕਾ): ਅਧਿਆਪਕ ਦਲ ਪੰਜਾਬ ਜਹਾਂਗੀਰ ਵੱਲੋਂ ਅਧਿਆਪਕਾਂ ਦੇ ਮੌਜੂਦਾ ਤਨਖਾਹ ਸਕੇਲ ਘਟਾ ਕੇ ਕੇਂਦਰੀ ਤਨਖਾਹ ਪੈਟਰਨ ’ਤੇ ਲਾਗੂ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਇਸ ਵੱਡੇ ਆਰਥਿਕ ਮਸਲੇ ਖਿਲਾਫ ਅਧਿਆਪਕ ਦਲ ਆਪਣੇ ਹੱਕਾਂ ਦੀ ਰਾਖੀ ਲਈ ਵੱਡਾ ਸੰਘਰਸ਼ ਵਿੱਢੇਗਾ।
ਧੂਰੀ (ਪਵਨ ਕੁਮਾਰ ਵਰਮਾ): ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਬਲਾਕ ਇਕਾਈ ਧੂਰੀ ਵੱਲੋਂ ਸੂਬਾ ਕਮੇਟੀ ਦੇ ਪ੍ਰੋਗਰਾਮ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧੂਰੀ ਅਤੇ ਸਰਕਾਰੀ ਸਕੂਲਾਂ ਦੇ ਮੁੱਖ ਗੇਟਾਂ ਅੱਗੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਫ਼ਕੀਰ ਸਿੰਘ ਟਿੱਬਾ, ਅਵਤਾਰ ਸਿੰਘ ਭਲਵਾਨ, ਸਰਬਜੀਤ ਸਿੰਘ ਪੁੰਨਾਵਾਲ ਤੇ ਜਸਵੀਰ ਸਿੰਘ ਲੱਡਾ ਨੇ ਕਿਹਾ ਕਿ ਕਿਹਾ ਕਿ ਮੁਲਾਜ਼ਮ ਵਿਰੋਧੀ ਹਮਲੇ ਦਾ ਜਵਾਬ ਦੇਣ ਲਈ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਜਲਦੀ ਹੀ ਇੱਕ ਪਲੇਟਫਾਰਮ ’ਤੇ ਇੱਕਠੀਆਂ ਹੋਣ ਜਾ ਰਹੀਆਂ ਹਨ। ਸਮੁੱਚੇ ਰਾਜ ਵਿੱਚ 3 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਸਰਕਾਰ ਦੇ ਪੂਤਲੇ ਫੂਕੇ ਜਾਣਗੇ।