ਪਰਾਲੀ ਮਾਮਲਾ: ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਪਾਉਣ ਦਾ ਵਿਰੋਧ
ਝੋਨੇ ਦੀ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਪਾਉਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਆਗੂਆਂ ਦੇ ਵਫਦ...
ਝੋਨੇ ਦੀ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਪਾਉਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਆਗੂਆਂ ਦੇ ਵਫਦ ਨੇ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਬਜਾਏ ਸਰਕਾਰ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਲੋੜੀਂਦੀ ਮਸ਼ੀਨਰੀ ਤੇ ਹੋਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਏ। ਡੀਸੀ ਨਾਲ ਮੁਲਾਕਾਤ ਕਰਨ ਵਾਲੇ ਕਿਸਾਨ ਵਫ਼ਦ ਵਿਚ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ, ਨਿਰਮਲ ਸਿੰਘ ਅਲੀਪੁਰ, ਚਰਨਜੀਤ ਸਿੰਘ ਹਥਨ ਅਤੇ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਖਾਂ ਆਦਿ ਸ਼ਾਮਲ ਸਨ। ਡੀ ਸੀ ਨਾਲ ਮੁਲਾਕਾਤ ਪਿੱਛੋਂ ਗੱਲਬਾਤ ਕਰਦਿਆਂ ਕਿਸਾਨ ਆਗੂ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਤੋਂ ਮਲਚਰ ਜਾਂ ਉਲਟਾਵੇਂ ਹਲ ਦਾ ਇਕ ਹਜ਼ਾਰ ਤੋਂ 15 ਸੌ ਰੁਪਏ ਪ੍ਰਤੀ ਦਿਨ ਕਿਰਾਇਆ ਵਸੂਲਿਆ ਜਾਂਦਾ ਹੈ ਜਦਕਿ ਇਹ ਮਸ਼ੀਨਰੀ ਪੂਰੀ ਤਰ੍ਹਾਂ ਮੁਫਤ ਦਿੱਤੀ ਜਾਣੀ ਚਾਹੀਦੀ ਹੈ। ਡੀ ਸੀ ਦਫਤਰ ਦੇ ਬਾਹਰ ਕਿਸਾਨ ਆਗੂਆਂ ਨੇ ਐੱਸ ਡੀ ਐੱਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨਾਲ ਵੀ ਮੁਲਾਕਾਤ ਕੀਤੀ।