ਪਰਾਲੀ: ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਪਰਚਿਆਂ ਦਾ ਨੋਟਿਸ ਲੈਂਦਿਆਂ ਪਰਚੇ ਰੱਦ ਕਰਨ ਦੀ ਮੰਗ ਉਠਾਈ। ਇੱਥੇ ਬੀ ਕੇ ਯੂ ਰਾਜੇਵਾਲ ਦੇ ਬਲਾਕ ਧੂਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਤੇ ਬਲਾਕ ਸ਼ੇਰਪੁਰ ਦੇ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ ਦੀ ਸਾਂਝੀ ਅਗਵਾਈ ਹੇਠ ਹੋਈ ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਗੁਰਜੀਤ ਸਿੰਘ ਭੜੀ ਅਤੇ ਬਲਵਿੰਦਰ ਸਿੰਘ ਜੱਖਲਾਂ ਨੇ ਦੱਸਿਆ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਪਰਚੇ ਦਰਜ ਕਰਨ ਤੋਂ ਪਹਿਲਾਂ ਐੱਨ ਜੀ ਟੀ ਦੀ ਕਿਸਾਨਾਂ ਨੂੰ ਰਾਹਤ ਦੇਣ ਵਾਲੀਆਂ ਹਦਾਇਤਾਂ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਇਸ ਵਾਰ ਝੋਨੇ ਦਾ ਝਾੜ ਘਟਣ ਕਾਰਨ ਕਿਸਾਨ ਪਹਿਲਾਂ ਹੀ ਆਰਥਿਕ ਪੱਖੋਂ ਭਾਰੀ ਨੁਕਸਾਨ ਹੋਣ ਕਾਰਨ ਮਾਨਸਿਕ ਪ੍ਰੇਸ਼ਾਨੀ ’ਚੋਂ ਲੰਘ ਰਹੇ ਹਨ ਅਤੇ ਦੂਜਾ ਕਿਸਾਨਾਂ ’ਤੇ ਦਰਜ ਕੀਤੇ ਕੇਸ ਕਿਸੇ ਪੱਖੋਂ ਵੀ ਜਾਇਜ਼ ਨਹੀਂ। ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਗਈ ਕਿ 500 ਰੁਪਏ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਕਣਕ ਨੂੰ ਪਾਣੀ ਲਗਾਉਣ ਲਈ ਬਿਜਲੀ ਸਪਲਾਈ 8 ਘੰਟੇ ਦਿੱਤੀ ਜਾਵੇ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਦਿੱਲੀ ਮੋਰਚੇ ਦੀ ਜਿੱਤ ਲਈ ਵਰ੍ਹੇਗੰਢ ਮਨਾਈ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਕਿਸਾਨ ਸ਼ਮੂਲੀਅਤ ਕਰਨਗੇ। ਪੰਜਾਬ ਯੂਨੀਵਰਸਿਟੀ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਦਖਲਅੰਦਾਜ਼ੀ ਬੰਦ ਕਰਨ ਦੀ ਮੰਗ ਕਰਦਿਆਂ ਸੈਨੇਟ ਚੋਣਾਂ ਰੱਦ ਕਰਨ ਦਾ ਫ਼ੈਸਲਾ ਵਾਪਸ ਲੈਣ ਦਾ ਮਤਾ ਵੀ ਪਾਸ ਕੀਤਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਜੀਤ ਸਿੰਘ ਰਣੀਕੇ, ਕਾਕਾ ਸਿੰਘ ਬਟੂਹਾ, ਹਰਜਿੰਦਰ ਸਿੰਘ ਬਟੂਹਾ, ਗੁਰਤੇਜ ਸਿੰਘ, ਦੀਦਾਰ ਸਿੰਘ, ਨਿਰਭੈ ਸਿੰਘ ਦੋਹਲਾ, ਦਰਸ਼ਨ ਸਿੰਘ ਬਰੜ੍ਹਵਾਲ, ਜਸਦੇਵ ਸਿੰਘ ਭੁੱਲਰਹੇੜੀ, ਗੁਰਬਚਨ ਸਿੰਘ ਹਰਚੰਦਪੁਰ ਆਦਿ ਵੀ ਹਾਜ਼ਰ ਸਨ।
