ਪੱਤਰ ਪ੍ਰੇਰਕ
ਸੰਗਰੂਰ, 10 ਦਸੰਬਰ
ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ (ਇੰਟਕ) ਵੱਲੋਂ ਠੇਕੇਦਾਰੀ ਸਿਸਟਮ ਬੰਦ ਕਰਵਾਉਣ ਅਤੇ ਪੱਲੇਦਾਰ ਦੀ ਉਜਰਤ ਸਿੱਧੀ ਮਜ਼ਦੂਰਾਂ ਦੇ ਖਾਤੇ ਵਿਚ ਪਵਾਉਣ ਦੀ ਮੰਗ ਸਬੰਧੀ ਸਮੁੱਚੇ ਸੂਬੇ ’ਚ ਪੱਲੇਦਾਰਾਂ ਵੱਲੋਂ ਹੜਤਾਲ ਜਾਰੀ ਹੈ| ਇਸ ਮੌਕੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ਸੰਗਰੂਰ ਡਿੱਪੂ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਕਾਕਾ ਸਿੰਘ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਪੱਲੇਦਾਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਹੋਈ ਹੈ| ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀਆਂ ਫੂਡ ਏਜੰਸੀਆਂ ‘ਚ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਪੱਲੇਦਾਰਾਂ ਦੀ ਮਿਹਨਤ ਦੀ ਉਜਰਤ ਸਿੱਧੀ ਉਨ੍ਹਾਂ ਦੇ ਖਾਤੇ ‘ਚ ਪਾਈ ਜਾਵੇ| ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੱਲੇਦਾਰਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਜਲਦੀ ਨਾ ਮੰਨਿਆ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ|
ਸਰਕਾਰ ਦੀ ਵਾਅਦਾ ਖਿਲਾਫ਼ੀ ਖਿਲਾਫ਼ ਰੋਸ
ਸੰਗਰੂਰ (ਪੱਤਰ ਪ੍ਰੇਰਕ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਾਅਦਾ ਖਿਲਾਫ਼ੀ ਖ਼ਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਡੇਢ ਦਰਜਨ ਤੋਂ ਵਧੇਰੇ ਪਿੰਡਾਂ ਵਿਚ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦੇ ਪੁਤਲੇ ਫੂਕੇ ਗਏ| ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਸੂਬਾ ਸਕੱਤਰ ਧਰਮਪਾਲ ਸਿਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਕਈ ਪਿੰਡਾਂ ਦੇ ਨਾਲ ਨਾਲ ਮਾਨਸਾ ਅਤੇ ਮੋਗਾ ਦੇ ਪਿੰਡਾਂ ਵਿਚ ਸੁਖਪਾਲ ਸਿੰਘ, ਬਲਵਿੰਦਰ ਜਲੂਰ, ਗਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਜ਼ਿਲ੍ਹਾ ਸਕੱਤਰ ਬਿਮਲ ਕੌਰ ਅਤੇ ਜੱਗੀ ਹੀਰੋ ਆਦਿ ਆਗੂਆਂ ਦੀ ਅਗਵਾਈ ਹੇਠ ਚਰਨਜੀਤ ਚੰਨੀ ਦੇ ਪੁਤਲੇ ਫੂਕੇ ਗਏ|
ਖੇਤ ਮਜ਼ਦੂਰਾਂ ਨੇ ਚੰਨੀ ਦੀ ਅਰਥੀ ਫੂਕੀ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪਿੰਡ ਸੰਗਤਪੁਰਾ ’ਚ ਖੇਤ ਮਜ਼ਦੂਰਾਂ ਨੇ ਅੱਜ ਮੁੱਖ ਮੰਤਰੀ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਮੁਜ਼ਾਹਰਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਦੀ ਅਗਵਾਈ ਹੇਠ ਹੋਇਆ। ਉਨ੍ਹਾਂ ਕਿਹਾ ਕਿ ਚੰਨੀ ਨੇ ਮਜ਼ਦੂਰ ਦਲਿਤ ਮੰਗਾਂ ਨੂੰ ਅਮਲੀ ਰੂਪ ’ਚ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਤੋਂ ਪਾਸਾ ਵੱਟਿਆ ਹੋਇਆ ਹੈ। ਉਨ੍ਹਾਂ ਸਰਕਾਰੀ ਤੇ ਗੈਰ ਸਰਕਾਰੀ ਮਾਈਕ੍ਰੋਫਾਇਨਾਂਸ ਕੰਪਨੀਆਂ ਦਾ ਮਜ਼ਦੂਰਾਂ ਸਿਰ ਚੜਿ੍ਹਆ ਕਰਜ਼ਾ ਖਤਮ ਕਰਾਉਣ ਤੇ ਦਲਿਤ ਲੋਕਾਂ ’ਤੇ ਹੋ ਰਹੇ ਜਬਰ ਨੂੰ ਨੱਥ ਪਾਉਣ ਦੀ ਮੰਗ ਕੀਤੀ।