ਸਰਕਾਰੀ ਕਾਲਜ ਬੇਨੜਾ ਅੱਗੇ ਬੱਸਾਂ ਨਾ ਰੁਕਣ ਕਾਰਨ ਵਿਦਿਆਰਥੀ ਪ੍ਰੇਸ਼ਾਨ
ਇੱਥੇ ਸਰਕਾਰੀ ਕਾਲਜ ਬੇਨੜਾ ਅੱਗੇ ਸਰਕਾਰੀ ਬੱਸਾਂ ਨਾ ਰੁਕਣ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਮਜਬੂਰਨ ਪ੍ਰਾਈਵੇਟ ਬੱਸਾਂ ਵਿੱਚ ਸਫ਼ਰ ਕਰਨਾ ਪੈ ਰਿਹਾ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਵੱਲੋਂ ਪੀਆਰਟੀਸੀ ਦੇ ਮੈਨੇਜਰ ਨੂੰ ਬੱਸਾਂ ਰੋਕਣ ਸਬੰਧੀ ਮੰਗ ਪੱਤਰ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਜਾਣਕਾਰੀ ਅਨੁਸਾਰ ਪਿੰਡ ਬੇਨੜਾ ਸਥਿਤ ਸਰਕਾਰੀ ਕਾਲਜ ਵਿੱਚ ਵਿਦਿਆਰਥਣਾਂ ਪੈਦਲ ਤੁਰ ਕੇ ਪੜ੍ਹਾਈ ਕਰਨ ਜਾਂਦੀਆਂ ਹਨ ਤੇ ਗਰਮੀ ਦੇ ਦਿਨਾਂ ਵਿੱਚ ਹਾਲਾਤ ਹੋਰ ਵੀ ਖਰਾਬ ਹੋ ਜਾਂਦੇ ਹਨ। ਇਸ ਸਬੰਧੀ ਕਾਲਜ ਵਿਦਿਆਰਥਣਾਂ ਨੇ ਦੱਸਿਆ ਕਿ ਕਾਲਜ ਵਿੱਚ ਰੋਜ਼ਾਨਾ ਸੈਂਕੜੇ ਵਿਦਿਆਰਥੀ ਤੇ ਵਿਦਿਆਰਥਣਾਂ ਸੰਗਰੂਰ ਤੋਂ ਇਲਾਵਾ ਆਲੇ ਦੁਆਲੇ ਦੇ ਪਿੰਡਾਂ ਤੋਂ ਪੜ੍ਹਾਈ ਕਰਨ ਲਈ ਆਉਂਦੇ ਹਨ ਪਰ ਉਨ੍ਹਾਂ ਨੂੰ ਧੂਰੀ ਸ਼ਹਿਰ ਤੇ ਕਾਲਜ ਤੋਂ ਘਰ ਜਾਣ ਲਈ ਜਾਂ ਤਾਂ ਪੈਦਲ ਜਾਂ ਆਟੋ ਰਿਕਸ਼ਾ ਕਰਕੇ ਜਾਣਾ ਪੈਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਾਲਜ ਦੇ ਖੁੱਲ੍ਹਣ ਅਤੇ ਬੰਦ ਹੋਣ ਸਮੇਂ ਤੱਕ ਦੋ ਬੱਸਾਂ ਕਾਲਜ ਲਈ ਵਿਸ਼ੇਸ਼ ਤੌਰ ’ਤੇ ਚਲਾਈਆਂ ਜਾਣ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਹਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਫਤਰ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਨਾਲ ਗੱਲਬਾਤ ਹੋਈ ਹੈ ਤੇ ਇੱਕ ਪੱਤਰ ਸੰਗਰੂਰ ਦੇ ਡਿੱਪੂ ਮੈਨੇਜਰ ਨੂੰ ਭੇਜਿਆ ਹੋਇਆ ਹੈ। ਇਸ ਸਬੰਧੀ ਸ੍ਰੀ ਢਿੱਲੋਂ ਨੇ ਕਿਹਾ ਜਲਦ ਹੀ ਕਾਲਜ ਦੇ ਵਿਦਿਆਰਥੀਆਂ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪੀਆਰਟੀਸੀ ਦੇ ਡਿੱਪੂ ਮੈਨੇਜਰ ਮਨਿੰਦਰ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਾਲਜ ਅੱਗੇ ਬੱਸਾਂ ਰੋਕਣ ਦੀ ਹਦਾਇਤ ਕੀਤੀ ਹੋਈ ਹੈ ਤੇ ਜੇਕਰ ਬੱਸਾਂ ਫਿਰ ਵੀ ਨਹੀਂ ਰੁਕ ਰਹੀਆਂ ਉਹ ਸਖਤ ਐਕਸ਼ਨ ਲੈਣਗੇ।