ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਨ ਲਈ ਪ੍ਰੇਰਿਆ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਗੁਰਜੰਟ ਸਿੰਘ, ਗੁਰਦੀਪ ਸਿੰਘ ਲਹਿਰਾ, ਮਨਧੀਰ ਸਿੰਘ ਤੇ ਦਵਿੰਦਰ ਕੌਰ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਤਹਿਤ ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿੱਚ ਸਿਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਸ਼੍ਰੀਮਤੀ ਸ਼ੁਭ ਲਤਾ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਤਰਕਸ਼ੀਲਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤਰਕਸ਼ੀਲ ਆਗੂਆਂ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸਾਂ ਤੇ ਵਹਿਮਾਂ ਭਰਮਾਂ ਦੇ ਹਨੇਰੇ ’ਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪ੍ਰੀਖਿਆ ਸਾਰੇ ਪੰਜਾਬ ਵਿੱਚ 29 ਤੇ 31 ਅਗਸਤ ਨੂੰ ਹੋਵੇਗੀ। ਆਗੂਆਂ ਦੱਸਿਆ ਕਿ ਐਂਟਰੀ ਫਾਰਮ ਪ੍ਰਾਪਤ ਕਰਨ ਦੀ ਆਖਰੀ ਤਰੀਕ 31 ਜੁਲਾਈ ਹੈ। ਪ੍ਰਿੰਸੀਪਲ ਜੋਗਾ ਸਿੰਘ ਵੱਲੋਂ ਆਗੂਆਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਕੁਲਬੀਰ ਸਿੰਘ, ਰੁੱਚੀ ਡੋਗਰਾ, ਮਨਜੀਤ ਕੌਰ, ਪਰਵਿੰਦਰ ਕੌਰ ਤੇ ਗੁਰਵੀਰ ਸਿੰਘ ਆਦਿ ਅਧਿਆਪਕ ਸ਼ਾਮਲ ਸਨ।