ਹਰਦੀਪ ਸਿੰਘ ਸੋਢੀ/ ਪਵਨ ਕੁਮਾਰ ਸ਼ਰਮਾ
ਧੂਰੀ, 12 ਅਕਤੂਬਰ
ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਲੈਣ ਲਈ ਮੀਟਿੰਗ ਸਥਾਨਕ ਨਵੀਂ ਅਨਾਜ ਮੰਡੀ ਵਿੱਚ ਹੋਈ। ਇਸ ਮੌਕੇ ਕਿਸਾਨਾਂ ਵੱਲੋਂ ਮਿੱਲ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸ੍ਰੀ ਬੁਗਰਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਲੈਣ ਲਈ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਧੂਰੀ ਸ਼ੂਗਰ ਮਿੱਲ ਵੱਲ ਗੰਨਾ ਕਾਸ਼ਤਾਕਾਰਾਂ ਦੀ ਲਗਪਗ 6 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ ਪਰ ਨਾ ਹੀ ਮਿੱਲ ਮੈਨੇਜਮੈਂਟ ਅਤੇ ਨਾ ਹੀ ਪੰਜਾਬ ਸਰਕਾਰ ਕਿਸਾਨਾਂ ਦੀ ਬਕਾਇਆ ਰਾਸ਼ੀ ਦਿਵਾਉਣ ਲਈ ਕੋਈ ਯਤਨ ਕਰ ਰਹੀ ਹੈ।
ਕਿਸਾਨ ਆਗੂ ਬੁਗਰਾ ਨੇ ਕਿਹਾ ਕਿ ਜੇ ਦੀਵਾਲੀ ਤੋਂ ਪਹਿਲਾਂ-ਪਹਿਲਾਂ ਕਿਸਾਨਾਂ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਤਾਂ ਉਹ ਦੀਵਾਲੀ ਮੌਕੇ ਕੋਈ ਆਰ ਪਾਰ ਦਾ ਸੰਘਰਸ਼ ਵਿੱਢਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਆਪਣਾ ਪ੍ਰਚਾਰ ਹਿਮਾਚਲ ਅਤੇ ਗੁਜਰਾਤ ਵਿੱਚ ਕਰਨ ਵਿੱਚ ਰੁਝੇ ਹੋਏ ਹਨ ਅਤੇ ਉਹ ਕਿਸਾਨਾਂ ਦੀ ਅਸਲ ਸਥਿਤੀ ਬਾਰੇ ਆਉਣ ਵਾਲੇ ਦਿਨਾਂ ਵਿੱਚ ਗੁਜਰਾਤ ਵਿੱਚ ਜਾ ਕੇ ਉੱਥੋਂ ਦੇ ਲੋਕਾਂ ਨੂੰ ਜਾਣੂ ਕਰਵਾਉਣਗੇ।ਉਨ੍ਹਾਂ ਕਿਹਾ ਕਿ ਉਹ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੂਜੇ ਰਾਜਾਂ ਦੇ ਲੋਕਾਂ ਨੂੰ ਜਾਣੂੰ ਕਰਾਉਣਗੇ। ਇਸ ਮੌਕੇ ਸੁਖਵੰਤ ਸਿੰਘ ਸੰਧੂ ਚੌਂਦਾ, ਹਰਜਿੰਦਰ ਸਿੰਘ ਭੀਲੋਵਾਲ, ਏਕਮਕਾਰ ਸਿੰਘ ਅਲੀਪੁਰ, ਪ੍ਰਦੁੰਮਣ ਸਿੰਘ ਬਡਲਾ, ਪ੍ਰੇਮਜੀਤ ਸਿੰਘ ਭੋਜੋਵਾਲੀ, ਸੁਰਜੀਤ ਸਿੰਘ , ਰਣਜੋਧ ਸਿੰਘ ਬੱਬਨਪੁਰ ਹਾਜ਼ਰ ਸਨ।
ਮਿਲ ਪ੍ਰਬੰਧਕਾਂ ਵੱਲੋਂ ਜਲਦੀ ਅਦਾਇਗੀ ਦੇ ਭਰੋਸੇ ਮਗਰੋਂ ਧਰਨਾ ਸਮਾਪਤ
ਇਸ ਮਗਰੋਂ ਮੰਗ ਪੱਤਰ ਦੇਣ ਪੁੱਜੇ ਗੰਨਾ ਕਾਸ਼ਤਕਾਰਾਂ ਨੇ ਐੱਸਡੀਐੱਮ ਤੇ ਤਹਿਸੀਲਦਾਰ ਦੀ ਗੈਰਮੌਜੂਦਗੀ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਗਾਉਂਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਰੀਬ ਘੰਟੇ ਬਾਅਦ ਤਹਿਸੀਲਦਾਰ ਕੁਲਦੀਪ ਸਿੰਘ ਐੱਸਡੀਐੱਮ ਦਫਤਰ ਪੁੱਜੇ। ਉਨ੍ਹਾਂ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈਣ ਉਪਰੰਤ ਖੰਡ ਮਿੱਲ ਪ੍ਰਬੰਧਕਾਂ ਨੂੰ ਦਫਤਰ ਸੱਦਿਆ ਅਤੇ ਮਿੱਲ ਪ੍ਰਬੰਧਕਾਂ ਵੱਲੋਂ ਜਲਦ ਅਦਾਇਗੀ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਅਦਾਇਗੀ ਨਾ ਹੋਣ ’ਤੇ ਤਿੱਖਾ ਸੰਘਰਸ਼ ਕਰਨ ਵਿੱਢਣ ਦੀ ਚਿਤਾਵਨੀ ਦਿੰਦਿਆਂ ਧਰਨਾ ਸਮਾਪਤ ਕਰ ਦਿੱਤਾ ਗਿਆ।