ਪਿੰਡ ਹਾਮਝੇੜੀ ਦੇ ਵਸਨੀਕ ਟੈਕਸੀ ਚਾਲਕ ਨੇ ਕੁਝ ਵਿਅਕਤੀਆਂ ਨਾਲ ਝਗੜੇ ਮਗਰੋਂ ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਵੀਡੀਓ ਵਿੱਚ ਉਸ ਨੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਅਤੇ ਪੁਲੀਸ ਦੇ ਇੱਕ ਅਧਿਕਾਰੀ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਹਨ। ਪੁਲੀਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਸਮੇਤ ਕੁਝ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਬਲਜਿੰਦਰ ਸਿੰਘ ਦੇ ਪੁੱਤਰ ਕ੍ਰਿਸ਼ਨ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਪਿਤਾ ਨਾਲ ਕੁਝ ਦਿਨ ਪਹਿਲਾਂ ਕੁਝ ਵਿਅਕਤੀਆਂ ਨੇ ਝਗੜਾ ਕੀਤਾ ਅਤੇ ਟੈਕਸੀ ਸਟੈਂਡ ’ਤੇ ਆ ਕੇ ਉਨ੍ਹਾਂ ਦੀ ਗੱਡੀ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਮੇਜਰ ਸਿੰਘ ਤੇ ਉਸ ਦੇ ਸਾਥੀ ਉਸ ਦੇ ਪਿਤਾ ਨੂੰ ਪ੍ਰੇਸ਼ਾਨ ਕਰ ਰਹੇ ਸਨ, ਦੁਖੀ ਹੋ ਕੇ ਉਸ ਦੇ ਪਿਤਾ ਨੇ ਜ਼ਹਿਰੀਲੀ ਦਵਾਈ ਪੀ ਲਈ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਟੋਹਾਣਾ (ਹਰਿਆਣਾ) ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ। ਕ੍ਰਿਸ਼ਨ ਸਿੰਘ ਨੇ ਮੰਗ ਕੀਤੀ ਕਿ ਉਸ ਦੇ ਪਿਤਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੇਜਰ ਸਿੰਘ, ਕਰਮਜੀਤ ਸਿੰਘ ਉਰਫ਼ ਪੀਚਾ, ਬੰਟੀ ਵਾਸੀ ਪਾਤੜਾਂ, ਦੀਪਕ ਵਾਸੀ ਸਮਾਣਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਹੈ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਸਾਬਕਾ ਵਿਧਾਇਕ ਨੇ ਦੋਸ਼ਾਂ ਦਾ ਖੰਡਨ ਕੀਤਾ
ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਨੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਰਾਜਨੀਤੀ ਤੋਂ ਬਾਹਰ ਹਨ। ਉਹ ਨਾ ਤਾਂ ਮ੍ਰਿਤਕ ਵਿਅਕਤੀ ਨੂੰ ਜਾਣਦੇ ਹਨ ਅਤੇ ਨਾ ਹੀ ਉਨ੍ਹਾਂ ਕਿਸੇ ਨੂੰ ਕੋਈ ਫ਼ੋਨ ਕੀਤਾ ਹੈ। ਉਨ੍ਹਾਂ ਨੂੰ ਕਿਸੇ ਸਾਜ਼ਿਸ਼ ਤਹਿਤ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ।

