ਖੇਤਰੀ ਪ੍ਰਤੀਨਿਧ
ਧੂਰੀ, 3 ਸਤੰਬਰ
ਕੁੰਭੜਵਾਲ ਦੇ ਲੋਕਾਂ ਵੱਲੋਂ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਦੇ ਸਹਿਯੋਗ ਨਾਲ ਪਿੰਡ ਕੁੰਭੜਵਾਲ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਥਾਣਾ ਸਦਰ ਅੱਗੇ ਧਰਨਾ ਲਾਇਆ ਗਿਆ। ਕਿਸਾਨ ਆਗੂ ਜਰਨੈਲ ਸਿੰਘ ਸੁਲਤਾਨਪੁਰ, ਕਰਮਜੀਤ ਸਿੰਘ ਭਲਵਾਨ, ਜੋਗਿੰਦਰ ਸਿੰਘ, ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ, ਰਗਵੀਰ ਸਿੰਘ ਬੱਗਾ ਕੁੰਭੜਵਾਲ, ਬੀਜੇਪੀ ਦੇ ਆਗੂ ਜੋਗਿੰਦਰ ਸਿੰਘ ਖ਼ਾਲਸਾ, ਕਿਸਾਨ ਆਗੂ ਨਾਜ਼ਮ ਸਿੰਘ ਪੁੰਨਾਂਵਾਲ, ਕੁਲਦੀਪ ਸਿੰਘ ਜੋਸ਼ੀ, ਗੁੁਰਤੇਜ ਸਿੰਘ, ਰਜਿੰਦਰ ਸਿੰਘ ਤੇ ਅਜੈਬ ਸਿੰਘ ਕਾਲਾ ਨੇ ਕਿਹਾ ਕਿ ਪਿੰਡ ਕੁੰਭੜਵਾਲ ਦੇ ਮਨਪ੍ਰੀਤ ਸਿੰਘ ਨੂੰ ਉੁਸਦੇ ਸਹੁੁਰਾ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਉਸ ਨੇ ਦੁੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ ਸੀ , ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਪੁੁਲੀਸ ਚੌਕੀ ਰਣੀਕੇ ਥਾਣਾ ਸਦਰ ਧੂਰੀ ਵਿੱਚ ਮਨਪ੍ਰੀਤ ਸਿੰਘ ਦੀ ਪਤਨੀ ਅਤੇ ਉਸਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁੁਲੀਸ ਨੇ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਰਹਿੰਦੇ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈੇ ਦੋ ਦਿਨ ਦਾ ਸਮਾਂ ਲਿਆ ਸੀ ਪਰ ਚਾਰ ਦਿਨ ਬੀਤਣ ਦੇ ਬਾਵਜੂਦ ਦੋ ਕਥਿਤ ਦੋਸ਼ੀ ਪਕੜ ਤੋਂ ਬਾਹਰ ਹਨ ਅਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਨ੍ਹਾਂ ਨੂੰ ਮੁੜ ਥਾਣਾ ਸਦਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।