ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਸਤੰਬਰ
ਸੰਘਰਸ਼ ਕਮੇਟੀ ਮੈਡੀਕਲ ਕਾਲਜ ਅਤੇ ਹਸਪਤਾਲ ਮਸਤੂਆਣਾ ਸਾਹਿਬ ਦੇ ਸੱਦੇ ’ਤੇ ਇਲਾਕੇ ਦੇ ਸੈਂਕੜੇ ਲੋਕਾਂ ਵੱਲੋਂ ਇੱਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਵਿਚ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫ਼ੂਕੇ। ਪ੍ਰਦਰਸ਼ਨ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਅਤੇ ਬੀਬੀਆਂ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਐੱਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਮਸਤੂਆਣਾ ਸਾਹਿਬ ’ਚ ਬਣਨ ਵਾਲੇ ਮੈਡੀਕਲ ਕਾਲਜ ਦੇ ਰਾਹ ਵਿਚ ਅੜਿੱਕਾ ਪਾਉਣ ਦਾ ਦੋਸ਼ ਲਾਇਆ।
ਅੱਜ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸੈਂਕੜੇ ਲੋਕ ਅਤੇ ਬੀਬੀਆਂ ਟਰੈਕਟਰ-ਟਰਾਲੀਆਂ ਭਰ ਕੇ ਸਥਾਨਕ ਭਗਵਾਨ ਮਹਾਂਵੀਰ ਚੌਕ ਵਿੱਚ ਪੁੱਜੇ ਜਿਥੇ ਆਵਾਜਾਈ ਠੱਪ ਕਰਦਿਆਂ ਧਾਮੀ ਅਤੇ ਬਾਦਲ ਦੇ ਪੁਤਲੇ ਫ਼ੂਕੇ ਅਤੇ ਨਾਅਰੇਬਾਜ਼ੀ ਕੀਤੀ।
ਸੰਘਰਸ਼ ਕਮੇਟੀ ਦੇ ਕਨਵੀਨਰ ਸਾਹਿਬ ਸਿੰਘ ਬਡਬਰ, ਅਜੈਬ ਸਿੰਘ, ਜਸਵੰਤ ਸਿੰਘ ਦੁੱਗਾਂ, ਦਰਸ਼ਨ ਸਿੰਘ ਕੁੰਨਰਾਂ, ਜਗਤਾਰ ਸਿੰਘ ਦੁੱਗਾਂ, ਕਰਨੈਲ ਸਿੰਘ ਜੱਸੇਕਾ, ਰਜਿੰਦਰ ਸਿੰਘ ਲਿੱਦੜਾਂ, ਬਿੱਕਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਐੱਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿੱਚ ਮੈਡੀਕਲ ਕਾਲਜ ਬਣਾਇਆ ਜਾਣਾ ਹੈ ਜਿਸ ਸਬੰਧੀ ਗੁਰਦੁਆਰਾ ਅੰਗੀਠਾ ਸਾਹਿਬ ਵੱਲੋਂ 25 ਏਕੜ ਜ਼ਮੀਨ ਕਾਲਜ ਲਈ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੈਡੀਕਲ ਕਾਲਜ ਦੀ ਉਸਾਰੀ ਦੇ ਰਾਹ ਵਿੱਚ ਅੜਿੱਕਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਰੀਆਂ ਧਿਰਾਂ ਨੇ 25 ਏਕੜ ਜ਼ਮੀਨ ਨੂੰ ਅਦਾਲਤੀ ਕੇਸ ’ਚੋਂ ਬਾਹਰ ਰੱਖਣ ਬਾਰੇ ਸਹਿਮਤੀ ਦੇ ਦਿੱਤੀ ਸੀ ਪਰ ਐਸਜੀਪੀਸੀ ਇਸ ਸਹਿਮਤੀ ਤੋਂ ਪਿੱਛੇ ਹਟ ਗਈ ਹੈ ਜਿਸ ਕਾਰਨ ਇਲਾਕੇ ਦੇ ਲੋਕਾਂ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਵੱਲੋਂ ਬੱਸ ਸਟੈਂਡ ਮਸਤੂਆਣਾ ਸਾਹਿਬ ਵਿੱਚ ਪੱਕਾ ਮੋਰਚਾ ਲੱਗਿਆ ਹੋਇਆ ਹੈ ਜੋ ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਹੋਣ ਤੱਕ ਜਾਰੀ ਰਹੇਗਾ।