ਜ਼ਿਲ੍ਹਾ ਮਾਲੇਰਕੋਟਲਾ ’ਚ ਸੁਖਬੀਰ ਨੂੰ ਨਹੀਂ ਲੱਭ ਰਿਹਾ ਝੂੰਦਾਂ ਦਾ ਬਦਲ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੁਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਹੂਬਹੂ ਮੰਨਣ ਅਤੇ ਪੰਥਕ ਮਰਿਆਦਾ ’ਤੇ ਪਹਿਰਾ ਦੇਣ ਦੇ ਐਲਾਨ ਪਿੱਛੋਂ ਕਿਸੇ ਸਮਰੱਥ ਅਕਾਲੀ ਆਗੂ ਦੀ ਵੱਡੀ ਘਾਟ ਮਹਿਸੂਸ ਕਰ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿਲ੍ਹਾ ਮਾਲੇਰਕੋਟਲਾ ’ਚ ਐਡਵੋਕੇਟ ਝੂੰਦਾਂ ਦਾ ਤੋੜ ਨਹੀਂ ਲੱਭ ਰਿਹਾ।
ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਖਾਸ ਕਰ ਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਅਕਾਲੀ ਪਿਛੋਕੜ ਵਾਲੇ ਕਈ ਵੱਡੇ ਟਕਸਾਲੀ ਆਗੂਆਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਬਾਦਲ ਦਲ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਬਾਰੇ ਬਿੱਲ ’ਤੇ ਵਿਚਾਰ-ਚਰਚਾ ਲਈ ਬਣਾਈ 15 ਮੈਂਬਰੀ ਸਿਲੈਕਟ ਕਮੇਟੀ ਵਿੱਚ ਸ਼ਾਮਲ ਮਾਲੇਰਕੋਟਲਾ ਤੋਂ ‘ਆਪ’ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਵਿਰੁੱਧ ਮੁਸਲਿਮ ਭਾਈਚਾਰੇ ਅੰਦਰ ਕੋਈ ਲਹਿਰ ਖੜ੍ਹੀ ਨਾ ਕਰ ਸਕਣ ਕਰ ਕੇ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਦੀ ਕਰਗੁਜ਼ਾਰੀ ਤੋਂ ਡਾਢਾ ਨਿਰਾਸ਼ ਹੈ। ਜ਼ਿਕਰਯੋਗ ਹੈ ਕਿ ਮਾਲੇਰਕੋਟਲਾ ਅਦਾਲਤ ਵੱਲੋਂ ਪਵਿੱਤਰ ਕੁਰਾਨ ਬੇਅਦਬੀ ਮਾਮਲੇ ’ਚ ਪਿਛਲੇ ਸਾਲ 30 ਨਵੰਬਰ ਨੂੰ ਦਿੱਲੀ ਤੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ਪਰ ਕੁਰਾਨ ਬੇਅਦਬੀ ਮਾਮਲੇ ਵਿੱਚ ‘ਆਪ’ ਵਿਧਾਇਕ ਯਾਦਵ ਨੂੰ ਦੋ ਸਾਲ ਸਜ਼ਾ ਹੋਣ ਦੇ ਬਾਵਜੂਦ ਮੁਸਲਿਮ ਬਹੁ ਗਿਣਤੀ ਜ਼ਿਲ੍ਹੇ ਮਾਲੇਰਕੋਟਲਾ ਅੰਦਰ ‘ਆਪ’ ਲੀਡਰਸ਼ਿਪ ਨੂੰ ਘੇਰਨ ਵਿਚ ਸਥਾਨਕ ਅਕਾਲੀ ਲੀਡਰਸ਼ਿਪ ਝੂੰਦਾਂ ਵਰਗੇ ਕਿਸੇ ਸਮਰੱਥ ਆਗੂ ਦੀ ਅਣਹੋਂਦ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ।
ਦੂਜੇ ਪਾਸੇ ਝੂੰਦਾਂ ਦਾ ਢੁੱਕਵਾਂ ਬਦਲ ਲੱਭਣ ਲਈ ਸੁਖਬੀਰ ਸਿੰਘ ਬਾਦਲ ਦੀਆਂ ਟੀਮਾਂ ਵੱਲੋਂ ਹਲਕਾ ਅਮਰਗੜ੍ਹ ਨਾਲ ਸਬੰਧਤ ਸਿਆਸੀ ਤੇ ਆਰਥਿਕ ਪੱਖੋਂ ਮਜ਼ਬੂਤ ਵੱਖ-ਵੱਖ ਆਗੂਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਰੀਅਲ ਅਸਟੇਟ ਦੇ ਵੱਡੇ ਕਾਰੋਬਾਰੀ ਟਕਸਾਲੀ ਅਕਾਲੀ ਆਗੂ ਜਸਵੀਰ ਸਿੰਘ ਦਿਓਲ ਸਾਬਕਾ ਚੇਅਰਮੇਨ ਜ਼ਿਲ੍ਹਾ ਪਰਿਸ਼ਦ ਸੰਗਰੂਰ ਅਤੇ ਸਾਬਕਾ ਸੂਚਨਾ ਕਮਿਸ਼ਨਰ ਜਥੇਦਾਰ ਅਜੀਤ ਸਿੰਘ ਚੰਦੂਰਾਈਆਂ ਸ਼ਾਮਲ ਦੱਸੇ ਜਾ ਰਹੇ ਹਨ।
ਇਸ ਦੌਰਾਨ ਸੂਚਨਾ ਕਮਿਸ਼ਨ ਅਤੇ ਐੱਸਜੀਪੀਸੀ ਦੇ ਸਾਬਕਾ ਮੈਂਬਰ ਅਜੀਤ ਸਿੰਘ ਚੰਦੂਰਾਈਆਂ ਨੇ ਕਿਹਾ ਕਿ ਇਸ ਵੇਲੇ ਉਹ ਘਰ ਬੈਠੇ ਹਨ, ਸਮਾਂ ਆਉਣ ’ਤੇ ਸੰਗਤ ਦੀ ਸਲਾਹ ਨਾਲ ਕੋਈ ਫੈਸਲਾ ਲੈਣਗੇ। ਦੱਸਿਆ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਇਕ ਬਜ਼ੁਰਗ ਸਾਬਕਾ ਅਕਾਲੀ ਮੰਤਰੀ ਦੀ ਪਾਰਟੀ ਵਿਚ ਵਾਪਸੀ ਕਰਵਾ ਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਕਮਾਂਡ ਸੰਭਾਲਨ ਦੇ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਨੂੰ ਬਚਾਉਣ ਲਈ ਮਜ਼ਬੂਤ ਅਕਾਲੀ ਦਲ ਦੀ ਜ਼ਰੂਰਤ: ਦਿਓਲ
ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਵੱਲੋਂ ਸੰਪਰਕ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਕਿਹਾ ਕਿ ਲਾਵਾਰਿਸ ਹੋ ਚੁੱਕੇ ਪੰਜਾਬ ਨੂੰ ਬਚਾਉਣ ਲਈ ਇੱਕ ਮਜ਼ਬੂਤ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਬਰਾਬਰ ਸਤਿਕਾਰ ਕਰਦੇ ਹਨ।