ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਪਹਿਲਵਾਨਾਂ ਦੀ ਹਮਾਇਤ ਵਿਚ ਰੋਸ ਮਾਰਚ ਕਰਦਿਆਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁਤਲੇ ਫੂਕੇ ਗਏ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਜਨਿਸ਼ੀ ਸ਼ੋਸ਼ਣ ਦੇ ਦੋਸ਼ ਹੇਠ ਬ੍ਰਿਜ ਭੂਸ਼ਣ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਮਹਿਲਾ ਪਹਿਲਵਾਨਾਂ ਖ਼ਿਲਾਫ਼ ਦਰਜ ਕੀਤੇ ਝੂਠੇ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਸਥਾਨਕ ਅਨਾਜ ਮੰਡੀ ਵਿਚ ਕਿਸਾਨਾਂ ਇਕੱਠੇ ਹੋਏ ਜਿਥੋਂ ਬ੍ਰਿਜ ਭੂਸ਼ਨ ਦਾ ਪੁਤਲਾ ਚੁੱਕ ਕੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਬ੍ਰਿਜ ਭੂਸ਼ਨ ਅਤੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉਧਮ ਸਿੰਘ ਸੰਤੋਖਪੁਰਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸਵਰਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਅਮਰੀਕ ਸਿੰਘ ਕਾਂਝਲਾ, ਭਾਕਿਯੂ ਡਕੌਂਦਾ ਦੇ ਆਗੂ ਮੇਵਾ ਸਿੰਘ ਦੁੱਗਾਂ ਆਦਿ ਨੇ ਕਿਹਾ ਕਿ ਇਸ ਤਰ੍ਹਾਂ ਦੀ ਗੁੰਡਾਗਰਦੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ 5 ਜੂਨ ਨੂੰ ਪਿੰਡ-ਪਿੰਡ ਬ੍ਰਿਜ ਭੂਸ਼ਨ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ।
ਦੇਵੀਗੜ੍ਹ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਵੱਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਵਿਚ ਜਮਹੂਰੀ ਅਧਿਕਾਰ ਸਭਾ ਪਟਿਆਲਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਭਰਵਾਂ ਸਹਿਯੋਗ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਵੱਲੋਂ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਪੋਕਸੋ ਅਧੀਨ ਕੇਸ ਦਰਜ ਹੋਣ ‘ਤੇ ਤਰੁੰਤ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ, ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਮ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੰਗ ਪੱਤਰ ਸੌਂਪਿਆ ਗਿਆ।
ਪਾਤੜਾਂ (ਪੱਤਰ ਪ੍ਰੇਰਕ): ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਬੀਕੇਯੂ ਏਕਤਾ ਆਜ਼ਾਦ, ਕਿਰਤੀ ਕਿਸਾਨ ਯੂਨੀਅਨ ਨੌਜਵਾਨ ਭਾਰਤ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਵਰਕਰਾਂ ਨੇ ਮਹਿਲਾ ਪਹਿਲਵਾਨਾਂ ਹੱਕ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪਾਤੜਾਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ। ਇਸੇ ਦੌਰਾਨ ਕਾਰਕੁਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਬ੍ਰਿਜ ਭੂਸ਼ਨ ਦਾ ਪੁਤਲਾ ਸਾੜਨ ਮਗਰੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਨਾਇਬ ਤਸੀਲਦਾਰ ਪਾਤੜਾਂ ਭੀਮ ਸੈਨ ਨੂੰ ਸੌਂਪਿਆ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਜਮਹੂਰੀ ਕਿਸਾਨ ਯੂਨੀਅਨ ਵੱਲੋਂ ਮਨਿੀ ਸਕੱਤਰੇਤ ਰਾਜਪੁਰਾ ਵਿੱਚ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਫੁਕਿਆ ਗਿਆ।
ਦੇਵੀਗੜ੍ਹ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਟਿਆਲਾ ਵਿੱਚ ਰੋਸ ਮਾਰਚ ਕੱਢਿਆ ਗਿਆ। ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਨੇ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਨਵੇਂ ਸੰਸਦ ਦਾ ਉਦਘਾਟਨ ਕੀਤਾ ਜਾ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਲਈ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਪੁਲੀਸ ਹਿਰਾਸਤ ਵਿੱਚ ਲਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖੇ ਜਾਣ ਵਾਲੀ ਘਟਨਾ ਬਣ ਗਈ ਹੈ।
ਨਾਭਾ (ਨਿੱਜੀ ਪੱਤਰ ਪ੍ਰੇਰਕ): ਵੱਖ-ਵੱਖ ਔਰਤ ਜਥੇਬੰਦੀਆਂ ਤੇ ਹੋਰ ਜਮਹੂਰੀ ਜਥੇਬੰਦੀਆਂ ਨੇ ਅੱਜ ਇਥੇ ਪਟਿਆਲਾ ਗੇਟ ਵਿੱਚ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ।
ਪਹਿਲਵਾਨ ਧੀਆਂ ਨੂੰ ਇਨਸਾਫ਼ ਦਿਵਾਉਨ ਲਈ ਪਿੱਛੇ ਨਹੀਂ ਹਟਾਂਗੇ: ਉਗਰਾਹਾਂ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਜਿੱਥੇ ਅਨਾਜ ਮੰਡੀ ਵਿਚ ਵਿਸ਼ਾਲ ਰੋਸ ਰੈਲੀ ਕੀਤੀ ਗਈ ਉਥੇ ਡੀਸੀ ਦਫ਼ਤਰ ਤੱਕ ਮਾਰਚ ਕਰਦਿਆਂ ਰੋਸ ਧਰਨਾ ਦਿੱਤਾ ਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ। ਰੋਸ ਧਰਨੇ ‘ਚ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੀਆਂ ਪਹਿਲਵਾਨ ਧੀਆਂ ਦੇ ਹੱਕ ਵਿਚ ਡਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਮੁੱਚੇ ਦੇਸ਼ ਦੇ ਕਿਸਾਨ ਮਜ਼ਦੂਰਾਂ ਅਤੇ ਲੋਕਾਂ ਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ‘ਚ ਕਿਸਾਨ ਅੰਦੋਲਨ ਕਰਕੇ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦਿੱਤਾ ਸੀ, ਉਸੇ ਤਰ੍ਹਾਂ ਉਹ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਨ ਲਈ ਕਿਸੇ ਦੀ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।
ਕਿਸਾਨ ਯੂਨੀਅਨ ਉਗਰਾਹਾਂ ਨੇ ਰਾਸ਼ਟਰਪਤੀ ਦੇ ਨਾਮ ਪੱਤਰ ਭੇਜਿਆ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੀ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਕੌਮਾਂਤਰੀ ਤਗ਼ਮੇ ਜੇਤੂ ਪਹਿਲਵਾਨ ਖਿਡਾਰਨਾਂ ਨਾਲ ਅਣਮਨੁੱਖੀ ਜਬਰ-ਧੱਕੇਸ਼ਾਹੀਆਂ ਬੰਦ ਕੀਤੀਆਂ ਜਾਣ ਤੇ ਉਨ੍ਹਾਂ ਦੀ ਹੱਕੀ ਮੰਗ ਪ੍ਰਵਾਨ ਕੀਤੀ ਜਾਵੇ। ਯੂਨੀਅਨ ਨੇ ਪੱਤਰ ਵਿੱਚ ਲਿਖਿਆ ਹੈ ਕਿ ਪਿਛਲੇ 35 ਦਿਨਾਂ ਤੋਂ ਦਿੱਲੀ ਸਥਿਤ ਜੰਤਰ ਮੰਤਰ ਵਿੱਚ ਸ਼ਾਂਤਮਈ ਧਰਨਾ ਦੇ ਰਹੀਆਂ ਪਹਿਲਵਾਨ ਖਿਡਾਰਨਾਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੀਆਂ ਹਨ।