ਖੇਤਰੀ ਪ੍ਰਤੀਨਿਧ
ਧੂਰੀ, 1 ਮਈ
ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤੇ ਅਸਤੀਫੇ ਤੋਂ ਬਾਅਦ ਇਸ ਹਲਕੇ ਦੀ ਵਾਗਡੋਰ ਤੇ ਵਰਕਰਾਂ ਦੇ ਕੰਮਕਾਜ ਲਈ ਸੰਗਰੂਰ ਦੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਦੀ ਡਿਊਟੀ ਲਗਾਈ ਜਾ ਸਕਦੀ ਹੈ। ਇਸ ਸਬੰਧੀ ਰਸਮੀ ਐਲਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਲਦੀ ਕੀਤਾ ਜਾ ਸਕਦਾ ਹੈ। ਹਾਲਾਂਕਿ ਰਾਜਾ ਵੜਿੰਗ ਨਾਲ ਸੰਪਰਕ ਨਹੀਂ ਹੋ ਸਕਿਆ ਪਰ ਉਨ੍ਹਾਂ ਦੇ ਕਰੀਬੀ ਸਾਥੀ ਨੇ ਕਿਹਾ ਵੜਿੰਗ ਜਲਦੀ ਸੰਗਰੂਰ ਆ ਕੇ ਸੁਖਪਾਲ ਸਿੰਘ ਖਹਿਰਾ ਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਸੰਗਰੂਰ ਹਲਕੇ ਵਿੱਚ ਗੋਲਡੀ ਦੇ ਜਾਣ ਤੋਂ ਬਾਅਦ ਚੋਣ ਪ੍ਰਚਾਰ ਪ੍ਰਭਾਵਤ ਨਹੀਂ ਹੋਣ ਦਿੱਤਾ ਜਾਵੇਗਾ। ਸੁਰਿੰਦਰਪਾਲ ਸਿੰਘ ਸਿਬੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੇਗੀ ਉਹ ਇਮਾਨਦਾਰੀ ਨਾਲ ਨਿਭਾਉਣਗੇ। ਬਰਨਾਲਾ ਹਲਕੇ ਦੇ ਇੱਕ ਸੀਨੀਅਰ ਕਾਂਗਰਸੀ ਆਗੂ ਮੱਖਣ ਸ਼ਰਮਾ ਨੇ ਕਿਹਾ ਕਿ ਸਿਬੀਆ ਨੂੰ ਧੂਰੀ ਹਲਕੇ ਦਾ ਇੰਚਾਰਜ ਲਾਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਦਾ ਜ਼ਿਲ੍ਹੇ ਸੰਗਰੂਰ ਦਾ ਪ੍ਰਧਾਨ ਵੀ ਲਾਇਆ ਜਾਵੇ ਕਿਉਂਕਿ ਉਨ੍ਹਾਂ ਕੋਲ ਪਾਰਟੀ ਨੂੰ ਮਜ਼ਬੂਤ ਕਰਨ ਦਾ ਤਜਰਬਾ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਗੋਲਡੀ ਦਾ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਦੇ ਫ਼ੈਸਲੇ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਣਾ ਪਾਰਟੀ ਸੰਗਰੂਰ ਦੀ ਸੀਟ ਵੱਡੇ ਫਰਕ ਨਾਲ ਜਿੱਤੇਗੀ।