ਰਮੇਸ਼ ਭਾਰਦਵਾਜ
ਲਹਿਰਾਗਾਗਾ, 13 ਜੂਨ
ਇਥੇ ਅੱਜ ਹਫ਼ਤਾਵਾਰੀ ਲੌਕਡਾਊਨ ਦੇ ਬਾਵਜੂਦ ਨਗਰ ਕੌਂਸਲ ਦਫਤਰ ਅੱਗੇ ਸਫ਼ਾਈ ਸੇਵਕ ਯੂਨੀਅਨ ਨੇ ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਆਪਣੀਆਂ ਮੰਗਾਂ ਦੇ ਸਮਰਥਨ ’ਚ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ 32ਵੇਂ ਦਿਨ ਧਰਨਾ ਦੇ ਕੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਚੇਅਰਮੈਨ ਹਰੀ ਰਾਮ ਭੱਟੀ ਤੇ ਰਵਿੰਦਰ ਕੌਰ ਨੇ ਕਿਹਾ ਕਿ ਸ਼ਹਿਰਾਂ ਦੀ ਸਫਾਈ ਦਾ ਕੰਮ ਸਥਾਈ ਹੈ ਪਰ ਮਿਉਂਸਿਪਲ ਕੌਂਸਲਾਂ ਠੇਕੇ ’ਤੇ ਕਰਮਚਾਰੀ ਭਰਤੀ ਕਰਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਸਰਕਾਰ ’ਤੇ ਸੇਵਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਵੇ। ਜ਼ਿਕਰਯੋਗ ਹੈ ਕਿ ਹੜਤਾਲ ਕਾਰਨ ਜਿਥੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰ ਲੱਗ ਗਏ ਹਨ, ਉਥੇ ਸੜਕਾਂ ਦੇ ਟੋਇਆਂ ’ਚ ਮੀਂਹ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਧੂਰੀ (ਪਵਨ ਕੁਮਾਰ ਵਰਮਾ): ਸਫਾਈ ਸੇਵਕਾਂ ਦੀ ਚੱਲ ਹੜਤਾਲ ਕਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰ ਲੱਗ ਚੁੱਕੇ ਹਨ ਤੇ ਪੰਜਾਬ ਦੇ ਸ਼ਹਿਰ ਕੂੜੇ ਦੇ ਡੰਪਾਂ ਵਿੱਚ ਤਬਦੀਲ ਹੋ ਰਹੇ ਹਨ। ਇਸ ਗੰਭੀਰ ਮਸਲੇ ’ਤੇ ਚਿੰਤਾ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰੀ ਸਿੰਘ ਪ੍ਰੀਤ ਨੇ ਦੱਸਿਆ ਕਿ ਪੰਜਾਬ ਦੇ ਸਫਾਈ ਸੇਵਕਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਹੜਤਾਲ ਕੀਤੀ ਹੋਈ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਸਰਕਾਰ ਨੇ ਹਾਲੇ ਤੱਕ ਮੁਲਾਜ਼ਮ ਮੰਗਾਂ ਦੇ ਹੱਲ ਲਈ ਕੋਈ ਸੰਜੀਦਗੀ ਨਹੀਂ ਦਿਖਾਈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਮੁਲਾਜ਼ਮਾਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।
ਭਾਈਚਾਰਕ ਤਾਲਮੇਲ ਮੰਚ ਵੱਲੋਂ ਸਫ਼ਾਈ ਸੇਵਕਾਂ ਦੀ ਹਮਾਇਤ
ਸੰਗਰੂਰ (ਪੱਤਰ ਪ੍ਰੇਰਕ): ਭਾਈਚਾਰਕ ਤਾਲਮੇਲ ਮੰਚ ਸੰਗਰੂਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਸੁਬੇਗ ਸਿੰਘ ਅਤੇ ਮਾਂਗੇਰਾਮ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਉਨ੍ਹਾਂ ਦੀ ਹਮਾਇਤ ਕੀਤੀ| ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਨਗਰ ਕਾਰਪੋਰੇਸ਼ਨਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਸਫ਼ਾਈ ਕਰਮਚਾਰੀਆਂ ਪਿਛਲੇ ਇਕ ਮਹੀਨੇ ਤੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਹਨ, ਜਿਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਆਗੂਆਂ ਨੇ ਸੂਬਾ ਸਰਕਾਰ ਦੀ ਸਫ਼ਾਈ ਕਾਮਿਆਂ ਦੀਆਂ ਮੰਗਾਂ ਪ੍ਰਤੀ ਅਪਣਾਈ ਅੜੀ ਵਾਲੀ ਨੀਤੀ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਬਿੇੜਾ ਕੀਤਾ ਜਾਵੇ।