ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਜੂਨ
ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਘਾਬਦਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾ ਕੇ ਜ਼ੇਰੇ ਇਲਾਜ ਮਰੀਜ਼ਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ ਗਈ। ਸਿਵਲ ਸਰਜਨ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ ਨਸ਼ੇ ਦਾ ਆਦੀ ਹੋ ਗਿਆ ਹੈ, ਤਾਂ ਉਹ ਸਵੈ ਇੱਛਾ ਨਾਲ ਇਕ ਮਹੀਨਾ ਕਿਸੇ ਵੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਿੱਚ ਦਾਖ਼ਲ ਹੋ ਕੇ ਨਸ਼ਾ ਛੱਡ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਡਾਕਟਰਾਂ ਦੁਆਰਾ ਸਮੇਂ ਸਮੇਂ ’ਤੇ ਜਾਂਚ ਕੀਤੀ ਜਾਂਦੀ ਹੈ ਅਤੇ ਮਰੀਜ਼ ਨੂੰ ਲੋੜ ਅਨੁਸਾਰ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਜਾਗਰੂਕਤਾ ਦਿਵਸ ’ਤੇ ਪੌਦੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਲਈ ਵੀ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ, ਇੱਕ ਨਸ਼ਾ ਛੁਡਾਊ ਕੇਂਦਰ ਅਤੇ 20 ਓਟ ਕਲੀਨਿਕ ਚੱਲ ਰਹੇ ਹਨ। ਇਸ ਮੌਕੇ ਡਾ. ਦੀਪਕ ਬਾਂਸਲ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।