ਕਰਮਵੀਰ ਸਿੰਘ ਸੈਣੀ
ਮੂਨਕ, 15 ਫਰਵਰੀ
ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਸ਼ ਲਾਇਆ ਕਿ 60 ਤੋਂ ਵੱਧ ਦਲ ਬਦਲੂਆਂ ਨੂੰ ਪੈਸੇ ਲੈ ਕੇ ਟਿਕਟਾਂ ਦੇਣ ਵਾਲੀ ਆਮ ਆਦਮੀ ਪਾਰਟੀ ਪੰਜਾਬੀਆਂ ਨੂੰ ਮੂਰਖ ਸਮਝ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ਵਿੱਚੋਂ ਕੱਢੇ ਹੋਏ ਦਲ ਬਦਲੂਆਂ ਨੂੰ ਨਾਲ ਲੈ ਕੇ ‘ਆਪ’ ਵੱਲੋਂ ਪੰਜਾਬ ਵਿੱਚ ਕਿਹੜਾ ਬਦਲਾਅ ਲਿਆਉਣ ਦੇ ਦਮਗਜ਼ੇ ਮਾਰੇ ਜਾ ਰਹੇ ਹਨ, ਇਹ ਗੱਲ ਸਮਝ ਤੋਂ ਬਾਹਰ ਹੈ। ਅੱਜ ਇੱਥੋਂ ਨੇੜਲੇ ਪਿੰਡ ਭੂੰਦੜਭੈਣੀ, ਚੋਟੀਆਂ, ਸੁਰਜਣ ਭੈਣੀ, ਹਮੀਰਗੜ੍ਹ ਅਤੇ ਸ਼ੇਰਗੜ੍ਹ ਵਿੱਚ ਵੱਖ-ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਆਮ ਆਮ ਆਦਮੀ ਪਾਰਟੀ ਦਿੱਲੀ ਤੋਂ ਆ ਕੇ ਪੰਜਾਬ ਵਿੱਚ ਰਾਜ ਕਰਨਾ ਚਾਹੁੰਦੀ ਹੈ ਜਦੋਂ ਕਿ ਉਸ ਨੂੰ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਬਿਲਕੁਲ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਪਰਮਿੰਦਰ ਸਿੰਘ ਢੀੰਡਸਾ ਨੂੰ ਅਕਾਲੀ ਦਲ ਨੇ ਆਪਣੀ ਸਰਕਾਰ ਵਿੱਚ ਵਿੱਤ ਮੰਤਰੀ ਬਣਾਇਆ ਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੂੰ ਹਾਰਨ ਦੇ ਬਾਵਜੂਦ ਰਾਜ ਸਭਾ ਮੈਂਬਰ ਬਣਾਇਆ ਸੀ ਪਰ ਉਨ੍ਹਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਦੇਰ ਨਹੀਂ ਲਾਈ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਭਾਜਪਾ ਨਾਲ ਸਾਂਝ ਪਾ ਕੇ ਪੰਜਾਬ ਨਾਲ ਵੀ ਗੱਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਪੰਜਾਬ ਦੇ ਹਿੱਤਾਂ ਦਾ ਪਹਿਰੇਦਾਰ ਹੈ ਅਤੇ ਅਕਾਲੀ ਸਰਕਾਰ ਬਣਨ ’ਤੇ ਲਹਿਰਾ ਹਲਕੇ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ।