ਕਰ ਮੁਕਤ ਵਪਾਰ ਸਮਝੌਤੇ ਰੱਦ ਹੋਣ: ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੇ ਬਲਾਕ ਦਿੜ੍ਹਬਾ ਦੀ ਮੀਟਿੰਗ ਅੱਜ ਅਨਾਜ ਮੰਡੀ ਵਿੱਚ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ...
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੇ ਬਲਾਕ ਦਿੜ੍ਹਬਾ ਦੀ ਮੀਟਿੰਗ ਅੱਜ ਅਨਾਜ ਮੰਡੀ ਵਿੱਚ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸੂਬਾ ਕਮੇਟੀ ਵੱਲੋਂ 5 ਅਕਤੂਬਰ ਨੂੰ ਕੀਤੇ ਜਾਣ ਵਾਲੇ ਡੀ ਸੀ ਦਫ਼ਤਰਾਂ ਦੇ ਘਿਰਾਓ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਸਿੱਧਾ ਅਸਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਅਮਰੀਕਾ ਸਮੇਤ ਹੋਰਨਾਂ ਦੇਸ਼ਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਨੂੰ ਰੱਦ ਕਰਨ, ਬਿਜਲੀ ਬਿੱਲ-2025 ਅਤੇ ਬੀਜ ਬਿੱਲ-2025 ਵਾਪਸ ਲੈਣ, ਪੰਜਾਬ ਸਰਕਾਰ ਦੀ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ ਰੱਦ ਕਰਨ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਦਾ ਨਿਪਟਾਰਾ ਕਰਨ ਅਤੇ ਜ਼ਮੀਨਾਂ ਦੇ ਮਾਲਕੀ ਹੱਕਾਂ ਨਾਲ ਸਬੰਧਤ ਮਸਲਿਆਂ ਦੇ ਹੱਲ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨਾਂ ਦੌਰਾਨ ਕਿਸਾਨ ਆਗੂਆਂ ਅਤੇ ਕਾਰਕੁਨਾਂ ’ਤੇ ਦਰਜ ਕੀਤੇ ਕੇਸ ਰੱਦ ਕਰਨ ਅਤੇ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਦਰਜ ਕੇਸ ਵਾਪਸ ਲੈਣ ਦੀ ਮੰਗ ਵੀ ਸੰਘਰਸ਼ ਦਾ ਹਿੱਸਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀ ਸੀ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਇਸ ਮੌਕੇ ਬਲਾਕ ਆਗੂ ਜਗਦੀਪ ਸਿੰਘ ਮਹਿਲਾ, ਜੋਗਿੰਦਰ ਸਿੰਘ ਖੇੜੀ ਨਾਗਾ, ਮਿਸਰਾਂ ਸਿੰਘ ਨਿਹਾਲਗੜ੍ਹ, ਹਰਬੰਸ ਸਿੰਘ ਦਿੜ੍ਹਬਾ ਅਤੇ ਜਸਵੰਤ ਸਿੰਘ ਸਮੂਰਾ ਤੋਂ ਇਲਾਵਾ ਵੱਖ-ਵੱਖ ਪਿੰਡ ਇਕਾਈਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਵੀ ਹਾਜ਼ਰ ਸਨ।

