ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਫਰਵਰੀ
ਮੈਰੀਟੋਰੀਅਸ ਟੀਚਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੰਗਰੂਰ ਇਕਾਈ ਵਲੋਂ ਮੈਰੀਟੋਰੀਅਸ ਸਕੂਲ ਘਾਬਦਾਂ ਦੇ ਗੇਟ ਅੱਗੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਆਗੂ ਨਵਦੀਪ ਸਿੰਘ ਅਤੇ ਬਿਕਰਮਜੀਤ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲਾਰਿਆਂ ਨਾਲ ਡੰਗ ਟਪਾਇਆ ਜਾ ਰਿਹਾ ਹੈ ਜੋ ਕਿ ਹੁਣ ਸਹਿਣ ਨਹੀਂ ਕੀਤਾ ਜਾਵੇਗਾ। ਸਿੱਖਿਆ ਅਤੇ ਸਿਹਤ ਦੇ ਨਾਮ ਤੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਅਧਿਆਪਕਾਂ ਦੇ ਅਹਿਮ ਨਤੀਜਿਆਂ ਨੂੰ ਰੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮੈਰੀਟੋਰੀਅਸ ਸਕੂਲਾਂ ਦੇ ਖੁਦ ਪ੍ਰਧਾਨ ਹਨ, ਜਿਨ੍ਹਾਂ ਵੱਲੋਂ ਇੱਕ ਵੀ ਮੀਟਿੰਗ ਅਧਿਆਪਕਾਂ ਨਾਲ ਕਰਨੀ ਉਚਿਤ ਨਹੀਂ ਸਮਝੀ ਅਤੇ ਨਾ ਹੀ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀ ਕੋਈ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਨੂੰ ਵਾਰ-ਵਾਰ ਅੱਗੇ ਪਾਉਣ ਦਾ ਵਰਤਾਰਾ ਅਤਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੁਣ ਵੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਤਿੱਖੇ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ।

