ਰਵੇਲ ਸਿੰਘ ਭਿੰਡਰ
ਪਟਿਆਲਾ, 8 ਜੁਲਾਈ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੇ ਨਾਂ ’ਤੇ ਮੁਲਾਜ਼ਮਾਂ ਨਾਲ ਕੀਤੇ ਮਜ਼ਾਕ ਦੇ ਵਿਰੋਧ ਵਿੱਚ ਪਟਿਆਲਾ ਤਹਿਸੀਲ ਦੇ ਸੈਂਕੜੇ ਅਧਿਆਪਕਾਂ ਨੇ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ 9 ਜੁਲਾਈ ਨੂੰ ਮੁਲਾਜ਼ਮਾਂ ਦੇ ਸਾਂਝੇ ਰੋਸ ਪ੍ਰਦਰਸ਼ਨਾਂ ਤੇ ਚੱਕਾ ਜਾਮ ਦਾ ਹਿੱਸਾ ਬਣਨ ਸਮੇਤ 29 ਜੁਲਾਈ ਨੂੰ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਹੋਣ ਜਾ ਰਹੀ ਇਤਿਹਾਸਕ ਮਹਾ ਰੈਲੀ ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਅਧਿਆਪਕ ਆਗੂਆਂ ਵਿਕਰਮਦੇਵ ਸਿੰਘ (ਸੂਬਾ ਕਨਵੀਨਰ), ਰਣਜੀਤ ਮਾਨ, ਗੁਰਪ੍ਰੀਤ ਸਿੰਘ ਗੁਰੂ ਅਤੇ ਪਰਮਵੀਰ ਸਿੰਘ (ਸੂਬਾ ਕੋ ਕਨਵੀਨਰ) ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਥਿਆਉਣ ਵਾਲੀ ਕੈਪਟਨ ਸਰਕਾਰ ਵੱਲੋਂ ਸਾਲ 2011 ਦੌਰਾਨ ਅਧਿਆਪਕਾਂ ਨੂੰ ਮਿਲੇ ਗਰੇਡ ਵਾਧੇ ਨੂੰ ਖ਼ਤਮ ਕਰਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਮੁਲਾਜ਼ਮ ਵਿਰੋਧੀ ਰਿਪੋਰਟ ਲਾਗੂ ਕੀਤੀ ਜਾ ਰਹੀ ਹੈ। ਇਸ ਮੌਕੇ ਅਧਿਆਪਕ ਆਗੂਆਂ ਪਰਮਜੀਤ ਪਟਿਆਲਾ, ਹਰਦੀਪ ਟੋਡਰਪੁਰ, ਅਮਨਦੀਪ ਦੇਵੀਗੜ੍ਹ, ਬਿਕਰਮਜੀਤ ਸਿੰਘ ਲੰਗ, ਮਨਪ੍ਰੀਤ ਸਿੰਘ ਅਜਨੌਦਾ ਕਲਾਂ ਤੇ ਰਜਿੰਦਰ ਜਵੰਦਾ ਨੇ ਵੀ ਸੰਬੋਧਨ ਕੀਤਾ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਜ਼ਿਲ੍ਹਾ ਭਰ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਆਨਲਾਈਨ ਸੈਮੀਨਾਰਾਂ ਦਾ ਬਾਈਕਾਟ ਕਰਦਿਆਂ ਸਕੂਲਾਂ ਅੱਗੇ ਪੇਅ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ ਅਤੇ ਪੰਜਾਬ. ਯੂਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਮੁਲਾਜ਼ਮਾਂ ਦੀ ਦੋ ਰੋਜ਼ਾ ਕਲਮ ਛੋੜ ਹੜਤਾਲ ਦੀ ਹਮਾਇਤ ਕੀਤੀ। ਇਸ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸੈਂਕੜੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਆਨਲਾਈਨ ਸੈਮੀਨਾਰਾਂ ਦਾ ਬਾਈਕਾਟ ਕੀਤਾ ਅਤੇ ਸਕੂਲਾਂ ਦੇ ਗੇਟਾਂ ਅੱਗੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮਾਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਖੋਹੇ ਹੱਕ ਨਹੀਂ ਦਿੰਦੀ ਉਦੋਂ ਤੱਕ ਡਟਵਾਂ ਵਿਰੋਧ ਜਾਰੀ ਰਹੇਗਾ।