teachers protest: ਆਦਰਸ਼ ਸਕੂਲਾਂ ਦੇ ਮੁਲਾਜ਼ਮ ਡੀ ਸੀ ਦਫ਼ਤਰ ਅੱਗੇ ਗਰਜੇ
ਮੰਗਾਂ ਪੂਰੀਆਂ ਨਾ ਹੋਣ ’ਤੇ ਹਲਕਾ ਧੂਰੀ ’ਚ ਪ੍ਰਦਰਸ਼ਨ ਦੀ ਚਿਤਾਵਨੀ
ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤੀ ਕਲਮਛੋੜ ਹੜਤਾਲ ਅਤੇ ਡੀ ਸੀ ਦਫ਼ਤਰ ਅੱਗੇ ਪੱਕਾ ਰੋਸ ਧਰਨਾ ਅੱਜ 8ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਅਣਗਹਿਲੀ ਵਾਲੇ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਆਪਣੇ ਸੰਘਰਸ਼ ਹੋਰ ਤਿੱਖਾ ਕਰਨ ਦਾ ਅਹਿਦ ਲਿਆ।
ਇਸ ਮੌਕੇ ਅਮਨਦੀਪ ਸ਼ਾਸਤਰੀ, ਗੁਰਜਿੰਦਰ ਰਾਮ, ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਸਤਨਾਮ ਸਿੰਘ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਦਰਸ਼ ਸਕੂਲਾਂ ਦੇ ਸਮੂਹ ਕਰਮਚਾਰੀ ਪਿਛਲੇ 14 ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਨੂੰ ਅੱਜ ਵੀ ਨਿਗੂਣੀ ਤਨਖਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਇੰਨੀ ਘੱਟ ਤਨਖਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋ ਚੁੱਕਾ ਹੈ, ਜਦੋਂ ਕਿ ਇਹ ਕਰਮਚਾਰੀ ਪੂਰੀ ਲਗਨ ਨਾਲ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਿਰਫ਼ ਲਾਰਿਆਂ ਨਾਲ ਡੰਗ ਸਾਰਿਆ ਜਾ ਰਿਹਾ ਹੈ। ਇੱਕ ਪਾਸੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਅਧਿਆਪਕ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਦੇ ਹਲਕਾ ਧੂਰੀ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ।

